ਪੰਜਾਬ ਸਰਕਾਰ ਵੱਲੋਂ 25.54 ਲੱਖ ਲਾਭਪਾਤਰੀਆਂ ਨੂੰ 1696 ਕਰੋੜ ਦੀ ਵਿੱਤੀ ਸਹਾਇਤਾ: ਅਰੁਨਾ ਚੌਧਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਮੌਜੂਦਾ ਵਿੱਤੀ ਵਰ੍ਹੇ 2020-21 ਵਿੱਚ ਨਵੰਬਰ ਮਹੀਨੇ ਤੱਕ ਕੁੱਲ 25,54,473 ਲਾਭਪਾਤਰੀਆਂ ਨੂੰ 1695.93 ਕਰੋੜ ਰੁਪਏ ਦੀ ਵਿੱਤੀ ਇਮਦਾਦ ਮੁਹੱਈਆ ਕਰਵਾਈ ਗਈ ਹੈ। ਇਨ੍ਹਾਂ ਵਿੱਚ ਬੁਢਾਪਾ ਪੈਨਸ਼ਨ, ਵਿਧਵਾ ਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ, ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਅਤੇ ਅਪੰਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਸ਼ਾਮਲ ਹੈ।

Advertisements

ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਜਿਸ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਹਰੇਕ ਵਰਗ ਨੂੰ ਪੈਨਸ਼ਨਾਂ ਤੇ ਹੋਰ ਵਿੱਤੀ ਸਹਾਇਤਾ ਸਮੇਂ ਸਿਰ ਮੁਹੱਈਆ ਕੀਤੀ ਜਾਂਦੀ ਹੈ। ਵਿਭਾਗ ਸਾਰੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੂਰ ਕਰਨ ਲਈ ਸਮਰਪਿਤ ਭਾਵਨਾ ਨਾਲ ਕੰਮ ਕਰ ਰਿਹਾ ਹੈ, ਜਿਸ ਤਹਿਤ ਮਾਰਚ 2020 ਤੋਂ ਨਵੰਬਰ ਤੱਕ ਬੁਢਾਪਾ ਪੈਨਸ਼ਨਾਂ ਦੇ 17,21,521 ਲਾਭਪਾਤਰੀਆਂ ਨੂੰ 1141.67 ਕਰੋੜ ਰੁਪਏ ਦਾ ਲਾਭ ਦਿੱਤਾ ਗਿਆ ਹੈ। ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਸਕੀਮ ਤਹਿਤ 4,73,832 ਲਾਭਪਾਤਰੀਆਂ ਨੂੰ 313.32 ਕਰੋੜ ਰੁਪਏ ਮੁਹੱਈਆ ਕਰਵਾਏ ਗਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਦੇਣ ਦੀ ਸਕੀਮ ਤਹਿਤ ਮਾਰਚ ਤੋਂ ਨਵੰਬਰ 2020 ਤੱਕ 1,56,169 ਲਾਭਪਾਤਰੀਆਂ ਨੂੰ 104.12 ਕਰੋੜ ਰੁਪਏ ਦੀ ਮਾਲੀ ਮਦਦ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਪੰਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇਣ ਦੀ ਯੋਜਨਾ ਤਹਿਤ 2,02,951 ਲਾਭਪਾਤਰੀਆਂ ਨੂੰ 136.82 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ ਤਾਂ ਕਿ ਉਹ ਮਾਣ-ਸਤਿਕਾਰ ਨਾਲ ਜੀਵਨ ਬਸਰ ਕਰ ਸਕਣ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਵਿਭਾਗ ਵੱਲੋਂ ਤੇਜ਼ਾਬ ਹਮਲੇ ਦੀਆਂ ਪੀੜਤ ਔਰਤਾਂ ਨੂੰ ਵੀ ਹਰ ਮਹੀਨੇ ਅੱਠ ਹਜ਼ਾਰ ਰੁਪਏ ਦੀ ਮਾਲੀ ਮਦਦ ਦਿੱਤੀ ਜਾ ਰਹੀ ਹੈ।

ਸ੍ਰੀਮਤੀ ਚੌਧਰੀ ਨੇ ਰਹਿੰਦੇ ਯੋਗ ਲਾਭਪਾਤਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਜ਼ਿਲ੍ਹੇ ਨਾਲ ਸਬੰਧਤ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਮਿਲ ਕੇ ਆਪਣੇ ਫ਼ਾਰਮ ਭਰਨ ਤਾਂ ਕਿ ਉਨ੍ਹਾਂ ਨੂੰ ਸਰਕਾਰੀ ਤੌਰ ਉਤੇ ਮਿਲਦੀ ਵਿੱਤੀ ਸਹਾਇਤਾ ਦਿੱਤੀ ਜਾ ਸਕੇ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਆਰਥਿਕ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

LEAVE A REPLY

Please enter your comment!
Please enter your name here