ਫਿਰੋਜ਼ਪੁਰ: ਆਨਲਾਈਨ ਸਿੱਖਿਆ ਦੇਣ ‘ਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ ਸੂਬਾ ਬਣਿਆ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਕੂਲ ਸਿੱਖਿਆ ਢਾਂਚੇ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੇ ਯਤਨਾਂ ਤਹਿਤ ਅੱਜ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਮੁਹਿੰਮ ਅੱਜ ਨੇਪਰੇ ਚੜ੍ਹ ਗਈ ਹੈ। ਇਸ ਮੁਹਿੰਮ ਦੇ ਤੀਸਰੇ ਪੜਾਅ ਤਹਿਤ ਅੱਜ ਜਿਲ੍ਹੇ ਦੇ 4 ਵਿਧਾਨ ਸਭਾ ਹਲਕਿਆਂ ‘ਚ ਹੋਏ ਫੋਨ ਵੰਡ ਸਮਾਗਮ ‘ਚ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 1075  ਵਿਦਿਆਰਥੀਆਂ ਨੂੰ ਫੋਨ ਵੰਡੇ ਗਏ। ਡਿਪਟੀ ਕਮਿਸ਼ਨਰ ਦਫਤਰ ਫਿਰੋਜ਼ਪੁਰ ਵਿਖੇ ਹੋਏ ਸਮਾਗਮ ‘ਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ  ਸ.ਪਰਮਿੰਦਰ ਸਿੰਘ ਪਿੰਕੀ ਤੇ  ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗੁਰਪਾਲ ਸਿੰਘ ਚਹਿਲ ਨੇ ਸਮਾਰਟ ਫੋਨ ਵੰਡਣ ਦੀ ਰਸਮ ਅਦਾ ਕੀਤੀ। ਜਿਲ੍ਹੇ ਦੇ ਵੱਖ-ਵੱਖ ਸਕੂਲਾਂ ‘ਚ ਇਸ ਤੋਂ ਪਹਿਲਾ ਦੋ ਪੜਾਵਾਂ ‘ਚ 4093 ਫੋਨ ਪ੍ਰਦਾਨ ਕੀਤੇ ਗਏ ਸਨ। ਇਸ ਤਰ੍ਹਾਂ ਜਿਲ੍ਹੇ ‘ਚ ਕੁੱਲ 5168 ਸਮਾਰਟ ਫੋਨ ਵੰਡੇ ਗਏ ਹਨ।

Advertisements

ਇਸ ਮੌਕੇ ਆਪਣੇ ਸੰਬੋਧਨ ‘ਚ ਮੁੱਖ ਮਹਿਮਾਨ ਪਰਮਿੰਦਰ ਸਿੰਘ ਪਿੰਕੀ  ਨੇ ਕਿਹਾ ਕਿ ਜਿਲ੍ਹੇ ‘ਚ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰੋਨਾ ਸੰਕਟ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਵਿੱਦਿਆ ਹਾਸਿਲ ਕਰਨ ‘ਚ ਸੌਖ ਪ੍ਰਦਾਨ ਕਰਨ ਦੇ ਮਨਸੂਬੇ ਨਾਲ ਸਮਾਰਟ ਫੋਨ ਪ੍ਰਦਾਨ ਕੀਤੇ ਗਏ ਹਨ। ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੋਰ ਵਧੀਆ ਨਤੀਜੇ ਦੇਣ ਦੇ ਸਮਰੱਥ ਬਣਨਗੇ। ਉਨ੍ਹਾਂ ਕਿਹਾ ਕਿ ਕਰੋਨਾ ਸੰਕਟ ਦੌਰਾਨ ਆਨਲਾਈਨ ਸਿੱਖਿਆ ਪ੍ਰਦਾਨ ਕਰਨ ‘ਚ ਪੰਜਾਬ, ਦੇਸ਼ ਦੇ ਮੋਹਰੀ ਸੂਬਾ ਬਣ ਗਿਆ ਹੈ ਅਤੇ ਸਰਕਾਰੀ ਸਕੂਲਾਂ ‘ਚ ਬੱਚਿਆਂ ਦੀ ਗਿਣਤੀ ਵਧਣ ਦੇ ਮਾਮਲੇ ‘ਚ ਵੀ ਪੰਜਾਬ ਦੇਸ਼ ਭਰ ‘ਚੋਂ ਅੱਵਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਸਕੂਲਾਂ ਨੂੰ ਪ੍ਰਦਾਨ ਕੀਤੀਆਂ ਗਈਆਂ ਆਧੁਨਿਕ ਸਹੂਲਤਾਂ ਸਦਕਾ ਜ਼ਿਲ੍ਹਾ ਫ਼ਿਰੋਜ਼ਪੁਰ ਦੇ  265 ਸਕੂਲ ਸਮਾਰਟ ਬਣ ਚੁੱਕੇ ਹਨ। ਸਕੂਲਾਂ ਨੂੰ ਸਮਾਰਟ ਰੰਗਤ ਦੇਣ ਲਈ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਨੂੰ ਹੁਣ ਤੱਕ 290 ਪ੍ਰੋਜੈਕਟਰ ਪ੍ਰਦਾਨ ਕੀਤੇ ਗਏ ਹਨ। ਇਸ ਤੋਂ ਇਲਾਵਾ ਸਕੂਲਾਂ ‘ਚ ਸਮਾਰਟ ਕਲਾਸ ਰੂਮਜ਼ ਬਣਾਉਣ ਲਈ ਵੱਡੇ ਪੱਧਰ ‘ਤੇ ਸਰਕਾਰ ਵੱਲੋਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ।

ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਕੁਲਵਿੰਦਰ ਕੌਰ  ਨੇ ਕਿਹਾ ਕਿ ਜਿਲ੍ਹੇ ਦੇ ਸਕੂਲਾਂ ਦੀ ਬਦਲੀ ਨੁਹਾਰ ਨੂੰ ਦੇਖਦੇ ਹੋਏ ਇਸ ਸ਼ੈਸ਼ਨ ਦੌਰਾਨ ਬੱਚਿਆਂ ਦੀ ਗਿਣਤੀ ‘ਚ 15 ਫੀਸਦੀ ਵਾਧਾ ਹੋਇਆ ਹੈ। ਜਿਸ ਤੋਂ ਪ੍ਰਤੱਖ ਰੂਪ ‘ਚ ਪਤਾ ਲੱਗਦਾ ਹੈ ਕਿ ਰਾਜ ਦੇ ਸਰਕਾਰੀ ਸਕੂਲ ਹਰ ਪੱਖੋਂ ਸਮੇਂ ਦੇ ਹਾਣ ਦੇ ਹੋ ਚੁੱਕੇ ਹਨ ਅਤੇ ਮਾਪਿਆਂ ਨੂੰ ਆਕਰਸ਼ਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ ਜਿਸ ਨੇ ਸਕੂਲ ਸਿੱਖਿਆ ਦੇ ਮਿਆਰੀਕਰਨ ਲਈ ਵੱਡੇ ਪੱਧਰ ‘ਤੇ ਸਮਾਰਟ ਸਕੂਲ ਮੁਹਿੰਮ ਸਮੇਤ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਸਫਲਤਾਪੂਰਵਕ ਚਲਾਈਆਂ ਹਨ। ਜਿਸ ਤੋਂ ਪ੍ਰੇਰਿਤ ਹੋ ਕੇ ਹੀ ਕੇਂਦਰ ਸਰਕਾਰ ਨੇ ਵੀ ਨਵੀਂ ਸਿੱਖਿਆ ਨੀਤੀ ‘ਚ ਪ੍ਰੀ-ਪ੍ਰਾਇਮਰੀ ਵਰਗੇ ਪ੍ਰੋਜੈਕਟ ਸ਼ੁਰੂ ਕਰਨ ਦੀ ਤਜਵੀਜ਼ ਰੱਖੀ ਹੈ। ਦੱਸਣਯੋਗ ਹੈ ਕਿ ਪੰਜਾਬ ‘ਚ ਪ੍ਰੀ-ਪ੍ਰਾਇਮਰੀ ਸਿੱਖਿਆ ਤਿੰਨ ਵਰੇ੍ਹ ਪਹਿਲਾ ਆਰੰਭ ਹੋ ਚੁੱਕੀ ਹੈ ਅਤੇ ਤਿੰਨ ਲੱਖ ਤੋਂ ਵਧੇਰੇ ਵਿਦਿਆਰਥੀ ਇਸ ਦਾ ਲਾਭ ਲੈ ਰਹੇ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਾ ਸਿੰਘ ਵਾਲਾ  ਦੀ ਵਿਦਿਆਰਥੀ ਮਨਪ੍ਰੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਕਰੋਨਾ ਸੰਕਟ ਦੌਰਾਨ ਆਨਲਾਈਨ ਪੜ੍ਹਾਈ ਕਰਨ ਲਈ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਆਪਣੇ ਪਿਤਾ ਕੋਲ ਹੀ ਘਰ ‘ਚ ਇਕਲੌਤਾ ਫੋਨ ਹੋਣ ਕਰਕੇ, ਸ਼ਾਮ ਤੱਕ ਉਡੀਕ ਕਰਨੀ ਪੈਂਦੀ ਸੀ, ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਸਮਾਰਟ ਫੋਨ ਪ੍ਰਦਾਨ ਕਰਕੇ, ਵਿਦਿਆਰਥੀਆਂ ਨੂੰ ਸਲਾਨਾ ਇਮਤਿਹਾਨ ਨੇੜੇ ਆਉਣ ‘ਤੇ ਬਿਹਤਰ ਤਰੀਕੇ ਨਾਲ ਪੜ੍ਹਾਈ ਕਰਨ ਦਾ ਰਸਤਾ ਖੋਲ੍ਹ ਦਿੱਤਾ ਹੈ।

ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ (ਸੈ.) ਕੁਲਵਿੰਦਰ ਕੌਰ  ਉਪ ਜਿਲ੍ਹਾ ਸਿੱਖਿਆ ਅਫਸਰ (ਸੈ.) ਕੋਮਲ ਅਰੋੜਾ ,ਉਪ ਜਿਲ੍ਹਾ ਸਿੱਖਿਆ ਅਫਸਰ (ਅ) ਸੁਖਵਿੰਦਰ ਸਿੰਘ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ  ਚਰਨਜੀਤ ਸਿੰਘ ਚਹਿਲ, ਸੁਖਵਿੰਦਰ ਅਟਾਰੀ ਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।

LEAVE A REPLY

Please enter your comment!
Please enter your name here