ਉਦਯੋਗ ਤੇ ਵਣਜ ਮੰਤਰੀ ਅਰੋੜਾ ਨੇ ਸੌਂਪੇ ਰਾਸ਼ਨ ਡਿਪੂਆਂ ਦੇ ਲਾਇਸੰਸ, ਸ਼ਹਿਰੀ ਖੇਤਰ ’ਚ 34 ਅਤੇ ਪੇਂਡੂ ਖੇਤਰਾਂ ਦੇ 450 ਤੋਂ ਵੱਧ ਲਾਇਸੰਸ ਹੋਣਗੇ ਜਾਰੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਹੇਠ ਸ਼ੁਰੂ ਕੀਤੀ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਤਹਿਤ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਇਥੇ 5 ਲਾਭਪਾਤਰਾਂ ਨੂੰ ਰਾਸ਼ਨ ਡਿਪੂਆਂ ਦੇ ਲਾਇਸੰਸ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰੀ ਖੇਤਰ ਤੋਂ ਬਾਅਦ ਪੇਂਡੂ ਖੇਤਰਾਂ ਦੇ ਯੋਗ ਲਾਭਪਾਤਰੀਆਂ ਨੂੰ ਵੀ ਰਾਸ਼ਨ ਡਿਪੂ ਅਲਾਟ ਕੀਤੇ ਜਾ ਰਹੇ ਹਨ। ਸ਼ਹਿਰ ਦੇ ਵੱਖ-ਵੱਖ ਵਾਰਡਾਂ ਨਾਲ ਸਬੰਧਤ ਲਾਭਪਾਤਰਾਂ ਨੂੰ ਲਾਇਸੰਸ ਦੇਣ ਮੌਕੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਕੁੱਲ 34 ਰਾਸ਼ਨ ਡਿਪੂ ਹੋਲਡਰਾਂ ਦੀਆਂ ਆਸਾਮੀਆਂ ਪਈਆਂ ਸਨ ਜਿਨ੍ਹਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਵਲੋਂ ਲਾਇਸੰਸ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ ਜਿਨ੍ਹਾਂ ਵਿੱਚੋਂ 6 ਯੋਗ ਲਾਭਪਾਤਰੀਆਂ ਨੂੰ ਅੱਜ ਲਾਇਸੰਸ ਸੌਂਪੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰੀ ਖੇਤਰ ਵਿੱਚ ਰਾਸ਼ਨ ਡਿਪੂ ਲਾਇਸੰਸ ਦੇਣ ਦੀ ਪ੍ਰਕ੍ਰਿਆ ਦੇ ਨਾਲ-ਨਾਲ ਪੇਂਡੂ ਖੇਤਰਾਂ ਵਿੱਚ ਡਿਪੂ ਅਲਾਟਮੈਂਟ ਦੀ ਪ੍ਰਕ੍ਰਿਆ ਵੀ ਸ਼ੁਰੂ ਹੋ ਚੁੱਕੀ ਹੈ ਜਿਸ ਤਹਿਤ ਆਉਂਦੇ ਕੁਝ ਦਿਨਾਂ ਵਿੱਚ ਪੇਂਡੂ ਖੇਤਰਾਂ ਦੇ ਉਮੀਦਵਾਰਾਂ ਨੂੰ ਵੀ ਰਾਸ਼ਨ ਡਿਪੂ ਮਿਲਣੇ ਸ਼ੁਰੂ ਹੋ ਜਾਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੋਹਾਲੀ ਤੋਂ ਵੀਡੀਓ ਕਾਨਫਰੰਸ ਰਾਹੀਂ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਸਬੰਧੀ ਪ੍ਰੋਗਰਾਮ ਦੀ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਪ੍ਰਧਾਨਗੀ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਵਲੋਂ ਸੂਬੇ ਵਿੱਚ 987 ਸ਼ਹਿਰੀ ਅਤੇ 6232 ਪੇਂਡੂ ਖੇਤਰਾਂ ਵਿੱਚ ਸਸਤੇ ਰਾਸ਼ਨ ਦੀਆਂ ਦੁਕਾਨਾਂ ਦੇ ਲਾਇਸੰਸ ਜਾਰੀ ਕਰਨ ਦੀ ਪ੍ਰਕ੍ਰਿਆ ਵਿੱਢੀ ਗਈ ਹੈ। ਉਨ੍ਹਾਂ ਦੱਸਿਆ ਕਿ ਰਾਸ਼ਨ ਡਿਪੂਆਂ ਦੀ ਪਾਰਦਰਸ਼ੀ ਢੰਗ ਨਾਲ ਹੋ ਰਹੀ ਅਲਾਟਮੈਂਟ ਉਪਰੰਤ ਸਰਕਾਰ ਵਲੋਂ ਸਮੇਂ-ਸਮੇਂ ਸਿਰ ਜਾਰੀ ਹਦਾਇਤਾਂ ਦੀ ਮੁਕੰਮਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।

Advertisements

ਉਨ੍ਹਾਂ ਦੱਸਿਆ ਕਿ ਇਹ ਡਿਪੂ ਹੋਲਡਰ ਸਰਕਾਰੀ ਹਦਾਇਤਾਂ ਅਨੁਸਾਰ ਜਨਤਕ ਵੰਡ ਪ੍ਰਣਾਲੀ ਨੂੰ ਸੁਚੱਜੇ ਢੰਗ ਨਾਲ ਅਮਲੀ ਜਾਮਾ ਪਹਿਨਾਉਣ ਲਈ ਵਚਨਬੱਧ ਹੋਣਗੇ। ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਦਿੱਤੇ ਜਾਣ ਵਾਲੇ ਰਾਸ਼ਨ ਡਿਪੂਆਂ ਦੇ ਲਾਇਸੰਸਾਂ ਸਬੰਧੀ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਸ਼ਹਿਰੀ ਖੇਤਰ ਵਿੱਚ ਖਾਲੀ ਪਈਆਂ 34 ਆਸਾਮੀਆਂ ਤੋਂ ਇਲਾਵਾ ਪੇਂਡੂ ਖੇਤਰਾਂ ਵਿੱਚ 450 ਤੋਂ ਵੱਧ ਡਿਪੂਆਂ ਦੇ ਲਾਇਸੰਸ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਸਮਾਰਟ ਰਾਸ਼ਨ ਕਾਰਡ ਅਤੇ ਇਕ ਰਾਸ਼ਟਰ-ਇਕ ਰਾਸ਼ਨ ਕਾਰਡ ਸਕੀਮ ਤਹਿਤ ਅੰਤਰਰਾਜੀ ਪੋਰਟੇਬਿਲਟੀ ਵੀ ਲਾਗੂ ਕਰ ਦਿੱਤੀ ਗਈ ਹੈ ਜਿਸ ਤਹਿਤ ਕੋਈ ਸਮਾਰਟ ਰਾਸ਼ਨ ਕਾਰਡ ਧਾਰਕ ਦੇਸ਼ ਦੇ ਕਿਸੇ ਵੀ ਰਾਜ ਵਿੱਚ ਆਪਣਾ ਬਣਦਾ ਰਾਸ਼ਨ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਅੰਦਰ ਕਾਰਡਧਾਰਕ ਲਾਭਪਾਤਰੀ ਆਪਣੀ ਪਸੰਦ ਦੇ ਕਿਸੇ ਵੀ ਸਸਤੇ ਰਾਸ਼ਨ ਦੇ ਡਿਪੂ ਤੋਂ ਆਪਣੀ ਪਾਤਰਤਾ ਅਨੁਸਾਰ ਰਾਸ਼ਨ ਪ੍ਰਾਪਤ ਕਰ ਸਕਦਾ ਹੈ। ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਮੌਕੇ ਵਾਰਡ ਨੰਬਰ 42 ਲਈ ਹਰਸ਼ਵਰਧਨ ਸ਼ਰਮਾ, ਵਾਰਡ ਨੰਬਰ 47 ਲਈ ਹਰਦੀਪ ਸਿੰਘ, ਵਾਰਡ ਨੰਬਰ 15 ਲਈ ਕਿਰਨ ਵਰਮਾ, ਨਵੀਨ ਕੁਮਾਰ ਅਤੇ ਵਾਰਡ ਨੰਬਰ 31 ਲਈ ਆਸ਼ਿਮਾ ਸਿੰਗਲਾ ਨੂੰ ਰਾਸ਼ਨ ਡਿਪੂਆਂ ਦੇ ਲਾਇਸੰਸ ਸੌਂਪੇ। ਇਸ ਦੌਰਾਨ ਦਸੂਹਾ ਵਿੱਚ ਐਸ.ਡੀ.ਐਮ. ਰਣਦੀਪ ਸਿੰਘ ਹੀਰ ਨੇ ਲਾਭਪਾਤਰ ਕੁਲਦੀਪ ਸਿੰਘ ਨੂੰ ਰਾਸ਼ਨ ਡਿਪੂ ਦਾ ਲਾਇਸੰਸ ਸੌਂਪਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਡਿਪਟੀ ਡਾਇਰੈਕਟਰ ਰਜਨੀਸ਼ ਕੁਮਾਰੀ, ਡੀ.ਐਫ.ਐਸ.ਸੀ. ਰਜਨੀਸ਼ ਕੌਰ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here