ਵਿਧਾਇਕ ਰਾਜਿੰਦਰ ਬੇਰੀ ਅਤੇ ਡਿਪਟੀ ਕਮਿਸ਼ਨਰ ਵਲੋਂ 97 ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਤਕਸੀਮ

ਜਲੰਧਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹੇ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਹਿਤਰ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਜਲੰਧਰ ਕੇਂਦਰੀ ਤੋਂ ਵਿਧਾਇਕ ਸ੍ਰੀ ਰਾਜਿੰਦਰ ਬੇਰੀ ਅਤੇ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਅੱਜ 97 ਨੌਜਵਾਨਾਂ ਨੂੰ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਸੌਂਪੇ ਗਏ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਮੋਹਾਲੀ ਵਿਖੇ ਵਰਚੂਆਤ ਤੋਰ ’ਤੇ ਸ਼ੁਰੂ ਕੀਤੇ ਗਏ ਪ੍ਰੋਗਰਾਮ ਵਿਚ ਸ਼ਿਰਕਤ ਕਰਦਿਆਂ ਵਿਧਾਇਕ ਸ੍ਰੀ ਰਾਜਿੰਦਰ ਬੇਰੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਇਨਾਂ ਅਲਾਟੀਆਂ ਦੀ ਨਿਯੁਕਤੀ ਖੁਰਾਕ ਤੇ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਪੰਜਾਬ ਵਲੋਂ ਮਹੀਨਾ ਭਰ ਚੱਲੀ ਲੰਬੀ ਪ੍ਰਕਿਰਿਆ ਤੋਂ ਬਾਅਦ ਕੀਤੀ ਗਈ ਹੈ ਜਿਸ ਤਹਿਤ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ 124 ਰਾਸ਼ਨ ਡਿਪੂਆਂ ਨੂੰ ਸ਼ੁਰੂ ਕਰਨ ਦੀ ਚੋਣ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅਬਾਦੀ ਵਿੱਚ ਵਾਧਾ ਹੋਣ ਦੇ ਅਧਾਰ ’ਤੇ 184 ਨੌਜਵਾਨਾਂ ਵਲੋਂ ਇਨਾਂ ਅਸਾਮੀਆਂ ’ਤੇ ਅਪਲਾਈ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਦਸਤਾਵੇਜਾਂ ਦੀ ਪੜਤਾਲ ਤੋਂ ਬਾਅਦ 160 ਨੌਜਵਾਨਾਂ ਨੂੰ ਇੰਟਰਵਿਊ ਲਈ ਬੁਲਾਇਆ ਗਿਆ ਸੀ ਜਿਸ ਵਿੱਚ 142 ਨੌਜਵਾਨਾਂ ਦੀ ਚੋਣ ਕੀਤੀ ਗਈ ਅਤੇ ਇਨਾਂ ਵਿਚੋਂ 97 ਨੌਜਵਾਨਾਂ ਨੂੰ ਅੱਜ ਰਾਸ਼ਨ ਡਿਪੂ ਚਲਾਉਣ ਲਈ ਅਲਾਟਮੈਂਟ ਪੱਤਰ ਸੌਂਪੇ ਗਏ ਹਨ।

Advertisements

ਰਾਸ਼ਨ ਡਿਪੂ ਦੇ ਅਲਾਟੀਆਂ ਨੂੰ ਵਧਾਈ ਦਿੰਦਿਆਂ ਉਨਾਂ ਸੱਦਾ ਦਿੱਤਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਹਰ ਗਰੀਬ ਉਨਾਂ ਦੇ ਡਿਪੂਆਂ ਤੋਂ ਰਾਸ਼ਨ ਲੈ ਸਕੇ,ਜਿਸ ਨਾਲ ਜਨਤਕ ਵੰਡ ਪ੍ਰਣਾਲੀ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕੀਤਾ ਜਾ ਸਕੇਗਾ। ਉਨ੍ਹਾਂ ਰਾਸ਼ਨ ਡਿਪੂ ਅਲਾਟੀਆਂ ਨੂੰ ਅਪੀਲ ਕੀਤੀ ਕਿ ਭੋਜਨ ਪਦਾਰਥਾਂ ਦੀ ਯੋਗ ਲਾਭਪਾਤਰੀਆਂ ਵਿੱਚ ਅਸਰਦਾਰ ਤੇ ਪਾਰਦਰਸ਼ੀ ਢੰਗ ਨਾਲ ਵੰਡ ਨੂੰ ਯਕੀਨੀ ਬਣਾਇਆ ਜਾਵੇ। ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਦਾ ਦਿਨ ਉਨਾਂ ਲਈ ਇਤਿਹਾਸਿਕ ਦਿਨ ਹੈ ਕਿਉਂਕਿ ਉਹ ਆਪਣੀ ਜਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਤਾਂ ਸਿਰਫ਼ ਇਕ ਅਗਾਜ਼ ਹੈ ਅਤੇ ਭਵਿੱਖ ਵਿੱਚ ਉਨਾਂ ਵਲੋਂ ਪੂਰੀ ਲਗਨ ਤੇ ਮਿਹਨਤ ਨਾਲ ਜਨਤਕ ਵੰਡ ਪ੍ਰਣਾਲੀ ਨੂੰ ਵੱਡੇ ਪੱਧਰ ’ਤੇ ਸਫ਼ਲ ਬਣਾਉਣ ਲਈ ਨਿਭਾਈ ਗਈ ਸਰਗਰਮ ਭੂਮਿਕਾ ਦੇ ਅਧਾਰ ’ਤੇ ਕਾਮਯਾਬੀ ਦੀ ਦਾਸਤਾਨ ਨੂੰ ਲਿਖਿਆ ਜਾਣਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਸਕੀਮ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾ ਕੇ ਉਨਾਂ ਦੀ ਕਿਸਮਤ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਲਗਾਤਾਰ ਨੌਜਵਾਨਾਂ ਲਈ ਜਾਬ ਮੇਲੇ/ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਏਡੀਐਫਐਸਸੀ ਸੁਰਿੰਦਰ ਬੇਰੀ, ਡੀਐਫਐਸਓ ਅਸ਼ੋਕ ਕੁਮਾਰ ਅਤੇ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here