ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਰਜਿਸਟਰੇਸ਼ਨ ਅਤੇ ਈ-ਕਾਰਡ ਜਨਰੇਸ਼ਨ ਕੈਂਪ 25 ਜਨਵਰੀ ਨੂੰ: ਡਿਪਟੀ ਕਮਿਸ਼ਨਰ

ਜਲੰਧਰ(ਦ ਸਟੈਲਰ ਨਿਊਜ਼)। ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਵੱਧ ਤੋਂ ਵੱਧ ਯੋਗ ਲੋਕਾਂ ਨੂੰ ਪੰਜ ਲੱਖ ਰੁਪਏ ਤੱਕ ਕੈਸ਼ਲੈਸ ਸਿਹਤ ਸੇਵਾਵਾਂ ਦਾ ਲਾਭ ਦੇਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 25 ਜਨਵਰੀ  ਨੂੰ ਜ਼ਿਲ੍ਹੇ ਵਿੱਚ 5 ਵੱਖ-ਵੱਖ ਥਾਵਾਂ ‘ਤੇ ਕੈਂਪ ਲਗਾਏ ਜਾ ਰਹੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਹ ਕੈਂਪ ਪ੍ਰਾਇਮਰੀ ਹੈਲਥ ਸੈਂਟਰ ਮਹਿਤਪੁਰ, ਕਮਿਊਨਿਟੀ ਹੈਲਥ ਸੈਂਟਰ ਪੰਡੌਰੀ ਖਾਸ, ਮਿੰਨੀ ਪ੍ਰਾਇਮਰੀ ਹੈਲਥ ਸੈਂਟਰ ਸਰੀਂਹ, ਆਰ ਐਚ ਉਗੀ ਅਤੇ ਸਬ ਸੈਂਟਰ ਕੰਬ ਸਾਬੂ ਵਿਖੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਸਿਹਤ ਸੰਸਥਾਵਾਂ ਵਿੱਚ ਆਉਣ ਮੌਕੇ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੌਕੇ ‘ਤੇ ਰਜਿਸਟਰੇਸ਼ਨ ਅਤੇ ਈ-ਕਾਰਡ ਬਣਾਉਣ ਦੀ ਸੁਵਿਧਾ ਦਾ ਲਾਭ ਦਿੱਤਾ ਜਾ ਸਕੇ। ਆਯੂਸ਼ਮਾਨ ਭਾਰਤ-ਸਰਬੱਤ ਸਹਿਤ ਬੀਮਾ ਯੋਜਨਾ ਨੂੰ ਇਕ ਇਨਕਲਾਬੀ ਸਕੀਮ ਦੱਸਦਿਆਂ ਥੋਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਲਾਭਪਾਤਰੀ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ 5 ਲੱਖ ਰੁਪਏ ਤੱਕ ਕੈਸ਼ਲੈਸ ਇਲਾਜ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਾਰੇ 13 ਸਰਕਾਰੀ ਸਿਹਤ ਸੰਸਥਾਵਾਂ ਅਤੇ 56 ਪ੍ਰਾਈਵੇਟ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਦੀ ਸੂਚੀ  sha.punjab.gov.in ’ਤੇ ਵੇਖੀ ਜਾ ਸਕਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਕੀਮ ਤਹਿਤ ਲਾਭਪਾਤਰੀਆਂ ਲਈ 1579 ਪੈਕੇਜ ਉਪਲਬਧ ਹਨ। ਇਨ੍ਹਾਂ ਵਿਚੋਂ 180 ਪੈਕੇਜ ਸਰਕਾਰੀ ਹਸਪਤਾਲਾਂ ਲਈ ਰਾਖਵੇਂ ਰੱਖੇ ਗਏ ਸਨ, ਜਿਨ੍ਹਾਂ ਵਿਚੋਂ 25 ਪੈਕੇਜ ਪ੍ਰਾਈਵੇਟ ਹਸਪਤਾਲਾਂ ਵਿਚ ਰੈਫਰ ਕਰਨ ਯੋਗ ਹਨ ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਨਐਫਐਸਏ ਰਾਸ਼ਨ ਕਾਰਡ ਧਾਰਕ, ਉਸਾਰੀ ਕਿਰਤੀ, ਐਸਈਸੀਸੀ ਲਾਭਪਾਤਰੀ, ਛੋਟੇ ਵਪਾਰੀ, ਯੈਲੋ ਅਤੇ ਐਕਰੀਡੇਸ਼ਨ ਕਾਰਡ ਹੋਲਡਰ ਪੱਤਰਕਾਰ ਅਤੇ ਜੇ-ਫਾਰਮ ਧਾਰਕ ਕਿਸਾਨ ਇਸ ਸਕੀਮ ਅਧੀਨ ਯੋਗ ਹਨ ਅਤੇ ਲਾਭਪਾਤਰੀ ਆਪਣੀ ਯੋਗਤਾ sha.punjab.gov.in ‘ਤੇ ਚੈੱਕ ਕਰ ਸਕਦੇ ਹਨ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਜਿਸਟਰੇਸ਼ਨ ਅਤੇ ਕਾਰਡ ਬਣਾਉਣ ਦਾ ਕੰਮ ਵੀਡਾਲ ਹੈਲਥ ਇੰਸ਼ੋਰੈਂਸ ਟੀ.ਪੀ.ਏ. ਨੂੰ ਦਿੱਤਾ ਗਿਆ ਹੈ, ਜਿਸ ਵੱਲੋਂ 30 ਰੁਪਏ ਦੀ ਨਾਮਾਤਰ ਫੀਸ ਲੈ ਕੇ ਇਹ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ ਜਦਕਿ ਸੀਐਚਸੀਜ਼, ਜ਼ਿਲ੍ਹਾ ਹਸਪਤਾਲ ਅਤੇ ਸਬ-ਡਵੀਜ਼ਨਲ ਹਸਪਤਾਲਾਂ ਵਿਚ ਇਹ ਸੇਵਾਵਾਂ ਮੁਫਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਰਜਿਸਟਰੇਸ਼ਨ ਅਤੇ ਈ-ਕਾਰਡ ਬਣਾਉਣ ਤਾਂ ਜੋ ਉਹ ਲੋੜ ਪੈਣ ‘ਤੇ ਸਰਕਾਰ ਵੱਲੋਂ ਦਿੱਤੀ ਜਾ ਰਹੀ ਪੰਜ ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਦਾ ਲਾਭ ਲੈ ਸਕਣ।

LEAVE A REPLY

Please enter your comment!
Please enter your name here