ਜਲੰਧਰ: ਗਣਤੰਤਰ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ: ਪੁਲਿਸ ਕਮਿਸ਼ਨਰ

ਜਲੰਧਰ (ਦ ਸਟੈਲਰ ਨਿਊਜ਼)। 26 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ, ਜਲੰਧਰ ਵਿਖੇ ਜ਼ਿਲ੍ਹਾ ਪੱਧਰ ‘ਤੇ ਮਨਾਏ ਜਾ ਰਹੇ ਗਣਤੰਤਰ ਦਿਵਸ ਸਬੰਧੀ ਕਮਿਸ਼ਨਰੇਟ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਸੁਰੱਖਿਆ ਸਬੰਧੀ ਪੁਖ਼ਤਾ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੰਦਿਆਂ ਦੱਸਿਆ ਗਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸਮਾਗਮ ਨੂੰ ਸੁਚਾਰੂ ਢੰਗ ਨਾਲ ਮਨਾਉਣ ਲਈ ਸ਼ਹਿਰ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ।

Advertisements

ਭੁੱਲਰ ਨੇ ਦੱਸਿਆ ਕਿ ਸੁਰੱਖਿਆ ਵਿਵਸਥਾ ਪਹਿਲਾਂ ਤੋਂ ਹੀ ਵਧਾ ਦਿੱਤੀ ਗਈ ਹੈ ਅਤੇ ਸਮਾਗਮ ਵਾਲੀ ਥਾਂ ਦੇ ਆਸ ਪਾਸ ਦੇ ਸਾਰੇ ਇਲਾਕੇ ਨੂੰ ਪੁਲਿਸ ਨੇ ਪੂਰੀ ਤਰ੍ਹਾਂ ਘੇਰਿਆ ਹੋਇਆ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਗਣਤੰਤਰ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਸਖ਼ਤ ਨਿਗਰਾਨੀ ਰੱਖਣ ਲਈ ਲਗਭਗ 1000 ਪੁਲਿਸ ਅਧਿਕਾਰੀ/ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮਾਗਮ ਵਾਲੇ ਸਥਾਨ ਅਤੇ ਆਲੇ-ਦੁਆਲੇ ਸੁਰੱਖਿਆ ਦੇ ਮੱਦੇਨਜ਼ਰ ਸੀ.ਸੀ.ਟੀ.ਵੀ.ਕੈਮਰੇ ਲਗਾਏ ਗਏ ਹਨ। ਇਸ ਤੋਂ ਇਲਾਵਾ ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਗੈਰ ਸਮਾਜਿਕ ਗਤੀਵਿਧੀਆਂ ਨੂੰ ਰੋਕਣ ਲਈ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸ਼ਹਿਰ ਵਿੱਚ 24 ਘੰਟੇ ਸੁਰੱਖਿਆ ‘ਤੇ ਨਜ਼ਰ ਰੱਖਣ ਲਈ ਪੁਲਿਸ ਦੀਆਂ ਗਸ਼ਤੀ ਪਾਰਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਰਾਤ ਸਮੇਂ ਵਿਸ਼ੇਸ਼ ਚੈਕਿੰਗ ਕਰਨ ਦੀਆਂ ਹਦਾਹਿਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਟੇਡੀਅਮ ਵਿਖੇ ਹਰ ਸਥਿਤੀ ‘ਤੇ ਨਜ਼ਰ ਰੱਖਣ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ।

ਭੁੱਲਰ ਨੇ ਅੱਗੇ ਦੱਸਿਆ ਕਿ ਫਾਇਰ ਫਾਈਟਿੰਗ ਅਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਤੋਂ ਇਲਾਵਾ ਸਟੇਡੀਅਮ ਦੇ ਆਲੇ-ਦੁਆਲੇ ਅਤੇ ਆਸ-ਪਾਸ ਬਾਕਾਇਦਾ ਐਂਟੀ-ਸੈਬੋਟੇਜ਼ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਸਟੇਡੀਅਮ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਜ਼ਮੀਨੀ ਪੱਧਰ ‘ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਮੈਗਾ ਸਮਾਗਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਧਿਕਾਰੀਆਂ/ਕਰਮਚਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇ।

ਉਨ੍ਹਾਂ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਵਾਲੇ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਟੁੱਕੜੀ ਦੇ ਪੁਲਿਸ ਮੁਲਾਜ਼ਮਾਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਅਰੁਣ ਸੈਣੀ ਅਤੇ ਹੋਰ ਵੀ ਮੌਜੂਦ ਸਨ।

LEAVE A REPLY

Please enter your comment!
Please enter your name here