ਜਲੰਧਰ: 150 ਲੜਕੀਆਂ ਵੱਲੋਂ ਸਿਵਲ ਸੇਵਾਵਾਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ, ਅਗਲੇ ਪੜਾਅ ਵਿੱਚ 200 ਹੋਰ ਬੈਂਕਿੰਗ ਪ੍ਰੀਖਿਆ ਲਈ ਲੈਣਗੀਆਂ ਕੋਚਿੰਗ

ਜਲੰਧਰ (ਦ ਸਟੈਲਰ ਨਿਊਜ਼)। ਪਹਿਲੇ ਪੜਾਅ ਵਿਚ 150 ਲੜਕੀਆਂ ਨੂੰ ਸਿਵਲ ਸੇਵਾਵਾਂ ਪ੍ਰੀਖਿਆਵਾਂ ਲਈ ਕੋਚਿੰਗ ਮੁਹੱਈਆ ਕਰਵਾਉਣ ਤੋਂ ਬਾਅਦ ਹੁਣ ਜ਼ਿਲ੍ਹਾ ਪ੍ਰਸ਼ਾਸਨ ਅਗਲੇ ਪੜਾਅ ਵਿਚ ਤਕਰੀਬਨ 200 ਲੜਕੀਆਂ ਲਈ ਬੈਂਕਿੰਗ ਪ੍ਰੀਖਿਆਵਾਂ ਦਾ ਕੋਚਿੰਗ ਕੈਂਪ ਲਗਾਉਣ ਜਾ ਰਿਹਾ ਹੈ।

Advertisements

ਐਤਵਾਰ ਨੂੰ ਕੌਮੀ ਬਾਲੜੀ ਦਿਵਸ ਮੌਕੇ ਮੁਬਾਰਕਬਾਦ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਔਰਤਾਂ ਦੇ ਸਸ਼ਕਤੀਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦੇ ਹੁਨਰ ਨੂੰ ਨਿਖਾਰ ਕੇ । ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸਤੰਬਰ ਵਿੱਚ ਸਿਵਲ ਸੇਵਾਵਾਂ ਪ੍ਰੀਖਿਆਵਾਂ ਦੀ ਤਿਆਰੀ ਲਈ 90 ਦਿਨਾ ਕੈਂਪ ਲਗਾਇਆ ਗਿਆ ਸੀ ਅਤੇ 150 ਦੇ ਕਰੀਬ ਲੜਕੀਆਂ ਨੇ ਇਸ ਵੱਕਾਰੀ ਪ੍ਰੀਖਿਆ ਨੂੰ ਪਾਸ ਕਰਨ ਲਈ ਸਿਖਲਾਈ ਲਈ ਸੀ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਤਿੰਨ ਬੈਚ ਸ਼ਾਮਲ ਸਨ, ਜੋ ਇਕੋ ਸਮੇਂ ਤਿੰਨ ਮਹੀਨਿਆਂ ਲਈ ਲਗਾਏ ਗਏ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਪ੍ਰਸ਼ਾਸਨ 200 ਦੇ ਕਰੀਬ ਲੜਕੀਆਂ ਨੂੰ ਬੈਂਕਿੰਗ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਜਾ ਰਿਹਾ ਹੈ। ਇਸ ਕੈਂਪ ਲਈ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਅਗਲੇ ਮਹੀਨੇ ਸ਼ੁਰੂ ਹੋਣ ਦੀ ਉਮੀਦ ਹੈ, ਜਿਥੇ ਲੜਕੀਆਂ ਨੂੰ ਸਿਖਲਾਈ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਥੋਰੀ ਨੇ ਅੱਗੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਲੰਬੇ ਸਮੇਂ ਤੋਂ ਅਜਿਹੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸੇ ਕਾਰਨ ਡਰਾਈਵਿੰਗ ਸਿਖਲਾਈ ਕੈਂਪ, ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਕੈਂਪ, ਲੜਕੀਆਂ ਲਈ ਹੁਨਰ ਵਿਕਾਸ ਕੈਂਪ ਜ਼ਿਲ੍ਹੇ ਵਿਚ ਰੁਟੀਨ ਬਣ ਗਏ ਹਨ।

ਉਨ੍ਹਾਂ ਕਿਹਾ ਕਿ ਨੌਜਵਾਨ ਆਈਏਐਸ ਅਧਿਕਾਰੀ, ਜਿਨ੍ਹਾਂ ਨੇ ਹਾਲ ਹੀ ਵਿੱਚ ਯੂਪੀਐਸਸੀ ਦੀ ਪ੍ਰੀਖਿਆ ਪਾਸ ਕੀਤੀ ਹੈ, ਵੱਲੋਂ ਇਨ੍ਹਾਂ ਕੈਂਪਾਂ ਦਾ ਦੌਰਾ ਕੀਤਾ ਗਿਆ ਅਤੇ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ । ਡਿਪਟੀ ਕਮਿਸ਼ਨਰ ਨੇ ਖ਼ੁਦ ਚਾਹਵਾਨ ਨੌਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਿਵਲ ਅਧਿਕਾਰੀ ਬਣਨ ਦੇ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ।

ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਇਸ ਕੋਚਿੰਗ ਕੈਂਪ ਦਾ ਠੇਕਾ ਲੁਧਿਆਣਾ ਆਧਾਰਿਤ ਲਾਂਚਪੈਡ ਆਈਏਐਸ ਅਕੈਡਮੀ ਨੂੰ ਦਿੱਤਾ ਗਿਆ ਸੀ ਅਤੇ ਹੁਣ ਬੈਂਕਿੰਗ ਪ੍ਰੀਖਿਆ ਦੇ ਕੋਚਿੰਗ ਕੈਂਪ ਦੀ ਬੋਲੀ 1 ਫਰਵਰੀ, 2021 ਨੂੰ ਖੁੱਲ੍ਹਣੀ ਹੈ। ਉਨ੍ਹਾਂ ਕਿਹਾ ਕਿ ਬੋਲੀ ਨੂੰ ਅੰਤਿਮ ਰੂਪ ਦੇਣ ਤੋਂ ਬਾਅਦ ਕੰਮ ਤੁਰੰਤ ਅਲਾਟ ਕਰ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here