ਜ਼ਿਲ੍ਹਾ ਪ੍ਰਸ਼ਾਸਨ ਨੇ ਦਿਵਿਆਂਗ ਵਿਅਕਤੀਆਂ ਲਈ ਨੌਕਰੀ ਦੇ ਮੌਕੇ ਯਕੀਨੀ ਬਣਾ ਕੇ ਦਿਵਾਈ ਰਾਹਤ

ਜਲੰਧਰ (ਦ ਸਟੈਲਰ ਨਿਊਜ਼)। ਦਿਵਿਆਂਗ ਵਿਅਕਤੀਆਂ (ਪਰਸਨਜ਼ ਵਿਦ ਡਿਸਏਬਿਲਟੀਜ਼) ਲਈ ਨੌਕਰੀਆਂ ਦੇ ਬਰਾਬਰ ਮੌਕੇ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਰਾਹਤ ਦਿਵਾਉਣ ਦੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਪਲੇਸਮੈਂਟ ਕੈਂਪ ਦੌਰਾਨ ਤਿੰਨ ਪੀ.ਡਬਲਯੂ.ਡੀ. (ਪਰਸਨਜ਼ ਵਿਦ ਡਿਸਏਬਿਲਟੀਜ਼) ਨੂੰ ਨੌਕਰੀ ਦੇ ਮੌਕੇ ਮੁਹੱਈਆ ਕਰਵਾਏ ਅਤੇ ਉਨ੍ਹਾਂ ਨੂੰ ਮੌਕੇ ‘ਤੇ ਜਾਬ ਲੈਟਰ ਵੀ ਪ੍ਰਦਾਨ ਕੀਤੇ ਗਏ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸੁਸ਼ੀਲ ਰਿੰਕੂ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਪ੍ਰਸ਼ਾਸਨ ਸਮਾਜ ਦੇ ਕਮਜ਼ੋਰ ਵਰਗ ਪ੍ਰਤੀ ਵਚਨਬੱਧ ਹੈ ਅਤੇ ਇਨ੍ਹਾਂ ਲੋੜਵੰਦ ਲੋਕਾਂ ਦੀ ਸਹਾਇਤਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਟੁੱਟ ਅੰਗ ਹਨ ਅਤੇ ਉਹ ਦੂਜਿਆਂ ਦੇ ਬਰਾਬਰ ਸਹੂਲਤਾਂ ਅਤੇ ਮੌਕਿਆਂ ਦੇ ਵੀ ਹੱਕਦਾਰ ਹਨ। ਉਨ੍ਹਾਂ ਦੱਸਿਆ ਕਿ ਅੱਜ ਦੇ ਪਲੇਸਮੈਂਟ ਕੈਂਪ ਵਿੱਚ ਦਿਵਿਆਂਗ ਵਿਅਕਤੀਆਂ ਨੂੰ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ , ਜਿਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ।

Advertisements

ਬਿਨੈਕਾਰ ਕਰਨ ਅਤੇ ਰਾਜਨ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਉਨ੍ਹਾਂ ਦੇ ਯਤਨਾਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਬੇਰੋਜ਼ਗਾਰੀ ਕਾਰਨ ਉਨ੍ਹਾਂ ਨੂੰ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਖ਼ਾਸਕਰਕੇ ਕੋਵਿਡ -19 ਮਹਾਂਮਾਰੀ ਦੌਰਾਨ। ਹੁਣ ਦੋਵਾਂ ਨੂੰ ਟੈਲੀਕਾਲਰ ਦੀ ਨੌਕਰੀ ਮਿਲੀ ਹੈ, ਜਿਸ ਨਾਲ ਉਹ ਰੋਜ਼ੀ-ਰੋਟੀ ਕਮਾ ਸਕਣਗੇ ਅਤੇ ਆਪਣੇ ਪਰਿਵਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰ ਸਕਣਗੇ। ਇਕ ਹੋਰ ਲਾਭਪਾਤਰੀ ਮੇਜਰ ਕੁਮਾਰ ਨੇ ਦੱਸਿਆ ਕਿ ਉਸ ਨੂੰ ਸਵੈ-ਰੋਜ਼ਗਾਰ ਕਰਜ਼ ਦੀ ਸਹੂਲਤ ਲਈ ਚੁਣਿਆ ਗਿਆ ਅਤੇ ਉਹ ਆਪਣਾ ਕਾਰੋਬਾਰ ਖੋਲ੍ਹਣ ਜਾ ਰਿਹਾ ਹੈ। ਉਸ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿਵਿਆਂਗ ਵਿਅਕਤੀਆਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਵੀ ਮੌਜੂਦ ਸਨ।

LEAVE A REPLY

Please enter your comment!
Please enter your name here