ਜਲੰਧਰ: ਡੀਸੀ ਨੇ ਰੈੱਡ ਕਰਾਸ ਓਲਡ ਏਜ ਹੋਮ ਵਿੱਚ ਨਵੀਨੀਕਰਨ ਦੇ ਕੰਮ ਦਾ ਲਿਆ ਜਾਇਜ਼ਾ

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵੀਰਵਾਰ ਨੂੰ ਰੈੱਡ ਕਰਾਸ ਓਲਡ ਏਜ ਹੋਮ ਵਿੱਚ ਚੱਲ ਰਹੇ ਨਵੀਨੀਕਰਨ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਕਾਰਜਕਾਰੀ ਏਜੰਸੀ ਨੂੰ ਇਸ ਮਹੀਨੇ ਦੇ ਅਖੀਰ ਤੱਕ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

Advertisements

ਓਲਡ ਏਜ ਹੋਮ ਵਿੱਚ ਪੰਚਾਇਤੀ ਰਾਜ ਵਿਭਾਗ ਅਤੇ 12.5 ਲੱਖ ਰੁਪਏ ਦੀ ਲਾਗਤ ਨਾਲ ਵੱਡੇ ਪੱਧਰ ‘ਤੇ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ। ਮਕਸੂਦਾਂ ਵਿਖੇ 20 ਕਮਰਿਆਂ ਅਤੇ ਇਮਾਰਤ ਦੇ ਹੋਰ ਹਿੱਸਿਆਂ ਦੇ ਨਵੀਨੀਕਰਣ ਦੇ ਕਾਰਜ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਰੈੱਡ ਕਰਾਸ ਓਲਡ ਏਜ ਹੋਮ ਵਿਚ ਮੌਜੂਦਾ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਲੋੜ ਸੀ ਤਾਂ ਜੋ ਬਜ਼ੁਰਗਾਂ, ਜਿਨ੍ਹਾਂ ਨੂੰ ਉਨ੍ਹਾਂ ਦੇ ਆਪਣੇ ਹੀ ਪਰਿਵਾਰ ਵਾਲਿਆਂ ਨੇ ਛੱਡ ਦਿੱਤਾ ਜਾਂ ਉਨ੍ਹਾਂ ਦੀ ਦੇਖਭਾਲ ਕਰਨ ਲਈ ਕੋਈ ਨਹੀਂ ਹੈ, ਲਈ ਇਕ ਬਿਹਤਰ, ਸੁਰੱਖਿਅਤ ਅਤੇ ਘਰ ਵਰਗੀ ਜਗ੍ਹਾ ਨੂੰ ਯਕੀਨੀ ਬਣਾਇਆ ਜਾ ਸਕੇ।

ਘਨਸ਼ਿਆਮ ਥੋਰੀ ਨੇ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਕੰਮ ਜਲਦੀ ਤੋਂ ਜਲਦੀ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਉਹ ਪੂਰੇ ਕੰਮ ਦੀ ਬਾਰੀਕੀ ਨਾਲ ਨਿਗਰਾਨੀ ਕਰ ਰਹੇ ਹਨ ਅਤੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਉਨ੍ਹਾਂ ਓਲਡ ਏਜ ਹੋਮ ਵਿਚ ਰਹਿਣ ਵਾਲੇ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ।

ਥੋਰੀ, ਜੋ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਪ੍ਰਧਾਨ ਵੀ ਹਨ, ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਬਜ਼ੁਰਗ ਨਾਗਰਿਕਾਂ ਵਿਚ ਆਪਸੀ ਸਾਂਝ ਦੀ ਭਾਵਨਾ ਪੈਦਾ ਹੋਵੇ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦਾ ਸਨਮਾਨ ਅਤੇ ਦੇਖਭਾਲ ਕਰਨਾ ਸਾਡਾ ਨੈਤਿਕ ਫਰਜ਼ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਇੱਕ ਸਮਾਜਿਕ ਸੁਧਾਰਵਾਦੀ ਲਹਿਰ ਹੈ, ਜਿਸਦਾ ਉਦੇਸ਼ ਪੀੜਤ ਮਨੁੱਖਤਾ ਦੀਆਂ ਮੁਸੀਬਤਾਂ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਲਹਿਰ ਮਨੁੱਖਤਾ ਵਿਚ ਦਿਆ, ਸ਼ਾਂਤੀ, ਪਿਆਰ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਮੁੜ ਜ਼ਿੰਦਾ ਕਰਨ ਵਿਚ ਬੇਹੱਦ ਸਹਾਇਕ ਹੈ।

ਉਨ੍ਹਾਂ ਕਿਹਾ ਕਿ ਲੋਕਾਂ, ਖ਼ਾਸਕਰ ਨੌਜਵਾਨਾਂ ਨੂੰ ਇਸ ਸਮਾਜਿਕ ਲਹਿਰ ਤੋਂ ਸਬਕ ਲੈਣਾ ਚਾਹੀਦਾ ਹੈ, ਜੋ ਇਹ ਦਰਸਾਉਂਦੀ ਹੈ ਕਿ ਮਨੁੱਖਤਾ ਦੀ ਪ੍ਰਭਾਵਸ਼ਾਲੀ ਢੰਗ ਨਾਲ ਸੇਵਾ ਕਿਵੇਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਲੋਕਾਂ ਦੇ ਮਨਾਂ ਵਿਚ ਫੈਲਾਉਣ ਲਈ ਹਰ ਸੰਭਵ ਯਤਨ ਨੂੰ ਯਕੀਨੀ ਬਣਾਇਆ ਜਾਵੇ।

ਇਸ ਤੋਂ ਪਹਿਲਾਂ  ਉਨ੍ਹਾਂ ਰੈੱਡ ਕਰਾਸ ਸੁਸਾਇਟੀ ਵਿੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਕਿਹਾ ਕਿ ਲੋੜਵੰਦ ਲੋਕਾਂ ਦੀ ਤਕਲੀਫ਼ ਨੂੰ ਘੱਟ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ। ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਇੰਦਰਦੇਵ ਸਿੰਘ ਅਤੇ ਹੋਰ ਵੀ ਮੌਜੂਦ ਸਨ।

LEAVE A REPLY

Please enter your comment!
Please enter your name here