ਜਲੰਧਰ: ਕਿਸਾਨ ਅੰਦੋਲਨ ਦੌਰਾਨ ਸਿੰਘੂ ਬਾਰਡਰ ’ਤੇ ਜਾਨ ਗੁਆਉਣ ਵਾਲੇ ਕਿਸਾਨ ਦੇ ਪਰਿਵਾਰ ਨੂੰ 5 ਲੱਖ ਦੀ ਸਹਾਇਤਾ ਰਾਸ਼ੀ ਪ੍ਰਦਾਨ

ਜਲੰਧਰ (ਦ ਸਟੈਲਰ ਨਿਊਜ਼)। ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਸ੍ਰੀ ਮਹਿੰਦਰ ਸਿੰਘ ਕੇ.ਪੀ. ਅਤੇ ਸਬ ਡਵੀਜ਼ਨਲ ਮੈਜਿਸਟਰੇਟ-1 ਡਾ. ਜੈ ਇੰਦਰ ਸਿੰਘ ਨੇ ਵੀਰਵਾਰ ਨੂੰ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਅੰਦੋਲਨ ਦੌਰਾਨ ਸਿੰਘੂ ਬਾਰਡਰ ’ਤੇ ਜਾਨ ਗੁਆਉਣ ਵਾਲੇ ਕਿਸਾਨ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਭੇਟ ਕੀਤਾ ।

Advertisements

ਪਿੰਡ ਬੋਲੀਨਾ ਦਾ ਕਿਸਾਨ ਭੁਪਿੰਦਰ ਸਿੰਘ ਸਿੰਘੂ ਬਾਰਡਰ ‘ਤੇ ਗਿਆ ਸੀ। ਉਸ ਨੂੰ ਬੁਖ਼ਾਰ ਅਤੇ ਹੋਰ ਸਿਹਤ ਸਮੱਸਿਆਵਾਂ ਹੋਣ ਕਾਰਨ 25 ਜਨਵਰੀ ਨੂੰ ਪਾਣੀਪਤ ਦੇ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿਸ ਦੀ ਇਲਾਜ ਦੌਰਾਨ ਅਗਲੇ ਦਿਨ ਮੌਤ ਹੋ ਗਈ। ਕਿਸਾਨ ਦਾ 27 ਜਨਵਰੀ ਨੂੰ ਪਿੰਡ ਵਿਖੇ ਸਸਕਾਰ ਕਰ ਦਿੱਤਾ ਗਿਆ।

ਕਿਸਾਨ ਭੁਪਿੰਦਰ ਸਿੰਘ ਦੇ ਪਰਿਵਾਰ ਨੂੰ ਚੈੱਕ ਸੌਂਪਦਿਆਂ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇ.ਪੀ. ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਵਿੱਚ ਬਦਕਿਸਮਤੀ ਨਾਲ ਜਾਨਾਂ ਗਵਾ ਦੇਣ ਵਾਲੇ ਹਰੇਕ ਕਿਸਾਨ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਭੁਪਿੰਦਰ ਸਿੰਘ ਨੇ ਕਿਸਾਨੀ ਹੱਕਾਂ ਦੀ ਖਾਤਿਰ ਆਪਣੀ ਜਾਨ ਗੁਆ ਦਿੱਤੀ। ਕੇਂਦਰ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਕਿਸਾਨਾਂ ਦੀਆਂ ਮੰਗਾਂ ‘ਤੇ ਤੁਰੰਤ ਵਿਚਾਰ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here