ਹੈਲਥਕੇਅਰ ਵਰਕਰਾਂ ਦੇ ਕੋਵਿਡ ਟੀਕਾਕਰਨ ਸਦਕਾ ਜਲੰਧਰ ਪੰਜਾਬ ਵਿੱਚੋਂ ਪਹਿਲੇ ਸਥਾਨ ਤੇ: ਡਿਪਟੀ ਕਮਿਸ਼ਨਰ

ਜਲੰਧਰ(ਦ ਸਟੈਲਰ ਨਿਊਜ਼)। ਕੋਵਿਡ ਟੀਕਾਕਰਨ ਮੁਹਿੰਮ ਤਹਿਤ ਵੱਧ ਤੋਂ ਵੱਧ ਹੈਲਥ ਕੇਅਰ ਵਰਕਰਾਂ ਨੂੰ ਕਵਰ ਕਰਨ ਲਈ ਪ੍ਰਸ਼ਾਸਨ ਵੱਲੋਂ ਕੀਤੀ ਗਈ ਕੁਸ਼ਲ ਯੋਜਨਾਬੰਦੀ ਸਦਕਾ ਜ਼ਿਲ੍ਹਾ ਜਲੰਧਰ 53 ਫੀ ਸਦੀ ਹੈਲਥਕੇਅਰ ਵਰਕਰਾਂ ਦੇ ਟੀਕਾਕਰਨ ਨਾਲ ਪੰਜਾਬ ਵਿੱਚੋਂ ਪਹਿਲੇ ਸਥਾਨ ਹੈ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਜੋ ਕਿ ਜ਼ਿਲ੍ਹਾ ਟਾਸਕ ਫੋਰਸ ਦੇ ਮੁਖੀ ਹਨ, ਨੇ ਦੱਸਿਆ ਕਿ ਰਾਜ ਸਰਕਾਰ ਤੋਂ ਪ੍ਰਾਪਤ ਰਿਪੋਰਟ ਅਨੁਸਾਰ 12 ਫਰਵਰੀ ਤੱਕ ਜਲੰਧਰ ਵਿਖੇ ਨਿਰਧਾਰਤ 13361 ਹੈਲਥ ਕੇਅਰ ਵਰਕਰਾਂ ਵਿਚੋਂ 7083 ਨੂੰ ਕੋਵਿਡ ਟੀਕਾ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਥੇ ਟੀਕਾਕਰਨ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 211 ਸੈਸ਼ਨ ਕਰਵਾਏ ਗਏ ਹਨ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਵਿਚ ਅਜੇ ਤੱਕ ਐਡਵਰਸ ਈਵੈਂਟ ਫਾਲੋਇੰਗ ਇਮੂਨਾਈਜ਼ੇਸ਼ਨ (ਏ.ਐੱਫ.ਈ.ਆਈ.) ਦਾ ਇਕ ਵੀ ਕੇਸ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਫਰੰਟ ਲਾਈਨ ਵਰਕਰਾਂ ਦੇ ਮਾਮਲੇ ਵਿਚ ਵੀ ਜ਼ਿਲ੍ਹੇ ਨੇ ਨਿਰਧਾਰਤ ਵਰਕਰਾਂ ਵਿੱਚੋਂ 53 ਫੀ ਸਦੀ ਨੂੰ ਕਵਰ ਕਰ ਲਿਆ ਹੈ, ਜਿਨ੍ਹਾਂ ਨੂੰ ਕੋਵਿਡ ਟੀਕਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ 7720 ਫਰੰਟ ਲਾਈਨ ਵਰਕਰਾਂ ਵਿਚੋਂ 4096 ਨੂੰ ਟੀਕਾਕਰਨ ਮੁਹਿੰਮ ਅਧੀਨ ਕਵਰ ਕੀਤਾ ਗਿਆ ਹੈ । ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਕੋਵਿਨ ਡਿਜੀਟਲ ਪਲੇਟਫਾਰਮ ‘ਤੇ ਰਜਿਸਟਰਡ ਸਾਰੇ ਸਿਹਤ ਕਰਮਚਾਰੀਆਂ ਨੂੰ ਅਗਲੇ ਹਫਤੇ ਤੱਕ ਟੀਕਾ ਲਗਵਾਉਣ ਲਈ ਭਰੋਸੇ ਵਿੱਚ ਲੈਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਦਾ ਡਾਟਾ ਅਪਲੋਡ ਕੀਤਾ ਜਾਵੇ, ਜਿਹੜੇ ਕੋਵਿਡ ਮੈਨੇਜਮੈਂਟ ਟੀਮ ਦਾ ਹਿੱਸਾ ਸਨ, ਉਨ੍ਹਾਂ ਨੂੰ ਫਰੰਟ ਲਾਈਨ ਵਰਕਰਾਂ ਵਜੋਂ ਕੋਵਿਡ ਟੀਕਾ ਲਗਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਲ, ਪੰਚਾਇਤੀ ਰਾਜ, ਸੈਨੀਟੇਸ਼ਨ, ਖੁਰਾਕ ਤੇ ਸਿਵਲ ਸਪਲਾਈਜ਼, ਪਾਵਰਕਾਮ, ਸਿੱਖਿਆ ਸਮੇਤ ਕਈ ਵਿਭਾਗਾਂ ਦੇ ਕਰਮਚਾਰੀ ਕੋਵਿਡ ਨਾਲ ਸਬੰਧਤ ਕੰਮਾਂ ਵਿਚ ਲੱਗੇ ਹੋਏ ਸਨ ਅਤੇ ਸ਼ੁਰੂਆਤ ਤੋਂ ਹੀ ਕੋਵਿਡ ਮਹਾਂਮਾਰੀ ਦੇ ਪ੍ਰਬੰਧਨ ਵਿਚ ਸਰਗਰਮੀ ਨਾਲ ਹਿੱਸਾ ਲੈ ਰਹੇ ਸਨ।

ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟ੍ਰੇਟਾਂ (ਐਸ.ਡੀ.ਐਮਜ਼) ਨੂੰ ਆਪਣੇ ਖੇਤਰਾਂ ਵਿੱਚ ਬਲਾਕ ਪੱਧਰੀ ਟਾਸਕ ਫੋਰਸ ਦੀਆਂ ਮੀਟਿੰਗਾਂ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਚਾਰੂ ਅਤੇ ਨਿਰਵਿਘਨ ਟੀਕਾਕਰਨ ਮੁਹਿੰਮ ਚਲਾਉਣ ਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟੀਕੇ ਲਈ ਲੋੜੀਂਦੇ ਤਾਪਮਾਨ ਨੂੰ ਬਰਕਰਾਰ ਰੱਖਣ ਲਈ ਕੂਲਿੰਗ ਵਿਸ਼ੇਸ਼ਤਾਵਾਂ ਨਾਲ ਜੁੜੇ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਦਿਆਂ 12 ਲੱਖ ਤੋਂ ਵੱਧ ਟੀਕਿਆਂ ਨੂੰ ਸਟੋਰ ਕਰਨ ਦੀ ਸਮਰੱਥਾ ਦਾ ਨਿਰਮਾਣ ਕੀਤਾ ਗਿਆ ਹੈ । ਘਨਸ਼ਿਆਮ ਥੋਰੀ ਨੇ ਸਾਰੇ ਰਜਿਸਟਰਡ ਲਾਭਪਾਤਰੀਆਂ ਨੂੰ ਸ਼ਡਿਊਲ ਅਨੁਸਾਰ ਟੀਕਾ ਲਗਵਾਉਣ ਲਈ ਕਿਹਾ ਅਤੇ ਸਪੱਸ਼ਟ ਕੀਤਾ ਕਿ ਇਹ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੈ। ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਦਾ ਸ਼ਿਕਾਰ ਨਾ ਹੋਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਨਾਲ ਟਾਕਰਾ ਕਰਨ ਲਈ ਇਹ ਟੀਕਾ ਲਾਜ਼ਮੀ ਹੈ ਅਤੇ ਸਾਨੂੰ ਸਾਰਿਆਂ ਨੂੰ ਟੀਕਾ ਲਗਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ।

LEAVE A REPLY

Please enter your comment!
Please enter your name here