ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਕੋਵਿਡ-19 ਸਬੰਧੀ ਪ੍ਰੋਟੋਕਾਲ ਦੀ ਪਾਲਣਾ ਕਰਦੇ ਹੋਏ ਸ਼ਰਧਾ ਨਾਲ ਮਨਾਇਆ ਜਾਵੇਗਾ: ਚੌਧਰੀ ਸੰਤੋਖ

ਜਲੰਧਰ (ਦ ਸਟੈਲਰ ਨਿਊਜ਼)। ਲੋਕ ਸਭਾ ਮੈਂਬਰ ਸ੍ਰੀ ਸੰਤੋਖ ਚੌਧਰੀ ਨੇ ਕਿਹਾ ਕਿ 27 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਕੋਵਿਡ-19 ਦੇ ਮੱਦੇ ਨਜ਼ਰ ਸੁਰੱਖਿਆ ਸਾਵਧਾਨੀਆਂ ਵਰਤ ਕੇ ਪੂਰੀ ਸ਼ਰਧਾ ’ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਹ ਅੱਜ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਇਕ ਉਚੱ ਪੱਧਰੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਹਲਕਾ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਸ੍ਰੀ ਰਜਿੰਦਰ ਬੇਰੀ, ਚੌਧਰੀ ਸੁਰਿੰਦਰ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਸੰਦੀਪ ਗਰਗ ਅਤੇ ਮੇਅਰ ਸ੍ਰੀ ਜਗਦੀਸ਼ ਰਾਜ ਰਾਜਾ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ। ਸ਼੍ਰੀ ਚੌਧਰੀ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਇਸ ਨਾਜ਼ੁਕ ਦੌਰ ਨਾਲ ਪੂਰੀ ਦੁਨੀਆਂ ਜੂਝ ਰਹੀ ਹੈ ਅਤੇ ਇਸ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਬਹੁਤ ਜਰੂਰੀ ਹਨ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਸਮੇਂ ਸੁਰੱਖਿਆ ਸਾਵਧਾਨੀਆਂ ਜਿਵੇਂ ਸੈਨੇਟਾਈਜ਼ਰ, ਮਾਸਕ ਆਦਿ ਦੀ ਵਰਤੋਂ ਬਹੁਤ ਜਰੂਰੀ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਮਨਾਉਣ ਸਮੇਂ ਜਿਥੇ ਸਾਵਧਾਨੀਆਂ ਵਰਤੀਆਂ ਜਾਣ, ਉਥੇ ਵੱਖ-ਵੱਖ ਜਥੇਬੰਦੀਆਂ ਵੱਧ ਤੋਂ ਵੱਧ ਸੰਗਤਾਂ ਨੂੰ ਸਮਾਜਿਕ ਦੂਰੀ ਬਰਕਰਾਰ ਰੱਖਣ ਦੀ ਅਪੀਲ ਵੀ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ ।

Advertisements

ਉਨ੍ਹਾਂ ਕਿਹਾ ਕਿ ਜਿਥੇ ਨਗਰ ਨਿਗਮ ਵਲੋਂ ਸਾਫ਼ ਸਫ਼ਾਈ ਦੇ ਬੰਦੋ ਬਸਤ ਕੀਤੇ ਜਾਣਗੇ, ਉਥੇ ਜ਼ਿਲ੍ਹਾ ਪੁਲਿਸ ਵਲੋਂ ਟਰੈਫਿਕ ਅਤੇ ਸੁਰੱਖਿਆ ਦੇ ਪ੍ਰਬੰਧ ਵੀ ਯਕੀਨੀ ਬਣਾਏ ਜਾਣਗੇ। ਉਨ੍ਹਾਂ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਸਾਵਧਾਨੀਆਂ ਵਰਤਣੀਆਂ ਬਹੁਤ ਜਰੂਰੀ ਹਨ ਅਤੇ ਪ੍ਰਕਾਸ਼ ਪੁਰਬ ਮਨਾਉਣ ਸਮੇਂ ਇਨਾਂ ਸਾਵਧਾਨੀਆਂ ਨੂੰ ਵਰਤ ਕੇ ਕੋਰੋਨਾ ਤੋਂ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵੱਖ-ਵੱਖ ਵਿਭਾਗਾਂ ਦੀਆਂ ਜਿੰਮੇਵਾਰੀਆਂ ਨਿਸ਼ਚਿਤ ਕਰ ਦਿੱਤੀਆਂ ਜਾਣਗੀਆਂ ਤਾਂ ਜੋ ਪ੍ਰਬੰਧਾਂ ਪਖੋਂ ਕਿਸੇ ਕਿਸਮ ਦੀ ਕੋਈ ਕਮੀ ਨਾ ਰਹਿ ਸਕੇ। ਮੀਟਿੰਗ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਭਰੋਸਾ ਦੁਆਉਂਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਦੌਰਾਨ ਕੋਵਿਡ-19 ਦੇ ਮੱਦੇਨਜ਼ਰ ਸੁਰੱਖਿਆ ਸਾਵਧਾਨੀਆਂ ਯਕੀਨੀ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਸਿਹਤ ਵਿਭਾਗ ਦੇ ਪ੍ਰੋਟੋਕਾਲ ਮੁਤਾਬਿਕ ਸਾਵਧਾਨੀਆਂ ਵਰਤੀਆਂ ਜਾਣਗੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਐਸ.ਡੀ.ਐਮ. ਰਾਹੁਲ ਸਿੰਧੂ ਤੇ ਡਾ.ਜੈ ਇੰਦਰ ਸਿੰਘ, ਸਿਵਲ ਪ੍ਰਸ਼ਾਸਨ ਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।

LEAVE A REPLY

Please enter your comment!
Please enter your name here