ਜਲੰਧਰ: ਵਿਧਾਇਕ ਪਰਗਟ ਸਿੰਘ ਵਲੋਂ ਫੁੱਟਬਾਲ ਗਰਾਊਂਡ ਜਮਸ਼ੇਰ ’ਚ 100 ਖੇਡ ਕਿੱਟਾਂ ਤਕਸੀਮ

ਜਮਸ਼ੇਰ/ਜਲੰਧਰ ਕੈਂਟ (ਦ ਸਟੈਲਰ ਨਿਊਜ਼)। ਨੌਜਵਾਨਾਂ ਵੱਖ-ਵੱਖ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਕਾਮਯਾਬੀਆਂ ਦੀਆਂ ਬੁਲੰਦੀਆ ਨੂੰ ਹਾਸਿਲ ਕਰਨ ਲਈ ਉਤਸ਼ਾਹਿਤ ਕਰਨ ਦੇ ਮੰਤਵ ਤਹਿਤ ਵਿਧਾਇਕ ਸ੍ਰ.ਪਰਗਟ ਸਿੰਘ ਵਲੋਂ ਯੂਥ ਫੁੱਟਬਾਲ ਕਲੱਬ ਰੁੜਕਾ ਕਲਾਂ ਵਲੋਂ ਤਿਆਰ ਕੀਤੇ ਜਾ ਰਹੇ ਫੁੱਟਬਾਲ ਖਿਡਾਰੀਆਂ ਨੂੰ ਫੁੱਟਬਾਲ ਖੇਡ ਮੈਦਾਨ ਜਮਸ਼ੇਰ ਵਿਖੇ 100 ਖੇਡ ਕਿੱਟਾਂ ਤਕਸੀਮ ਕੀਤੀਆਂ ਗਈਆਂ। ਇਸ ਮੌਕੇ ਬੋਲਦਿਆਂ ਪਗਰਟ ਸਿੰਘ, ਜਿਨਾਂ ਦੇ ਨਾਲ ਯੂਥ ਫੁੱਟਬਾਲ ਕਲੱਬ ਦੇ ਮੁੱਖੀ ਗੁਰਮੰਗਲ ਦਾਸ ਵੀ ਮੌਜੂਦ ਸਨ ਨੇ ਦਸਿਆ ਕਿ 2 ਲੱਖ ਰੁਪਏ ਦੀਆਂ 100 ਖੇਡ ਕਿਟਾਂ ਜਿਸ ਵਿੱਚ ਟਰੈਕ ਸੂਟ, ਫੁੱਟਬਾਲ, ਬੂਟ ਅਤੇ ਹੋਰ ਚੀਜ਼ਾਂ ਸ਼ਾਮਲ ਹਨ ਜਮਸ਼ੇਰ ਦੇ ਫੁੱਟਬਾਲ ਗਰਾਊਂਡ ਵਿੱਚ ਵੰਡੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਡਾਂ ਨੂੰ ਵੱਡਾ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ।

Advertisements

ਇਸ ਮੌਕੇ ਉਭਰਦੇ ਖਿਡਾਰੀਆਂ ਨਾਲ ਰੂਬਰੂ ਹੁੰਦਿਆਂ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕਲੱਬਾਂ ਅਤੇ ਨੌਜਵਾਨਾਂ ਨੂੰ ਖੇਡ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਇਕਜੁੱਟ ਹੋ ਕੇ ਰਹਿਣ ਦੀ ਭਾਵਨਾ ਪੈਦਾ ਕਰਨ ਵਿੱਚ ਸਹਾਇਤਾ ਕਰਦੀਆਂ ਹਨ ਜੋ ਉਨਾਂ ਨੂੰ ਤਰੱਕੀ ਦੀਆਂ ਮੰਜ਼ਿਲਾਂ ਨੂੰ ਛੋਹਣ ਤੋਂ ਇਲਾਵਾ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਪਰਗਟ ਸਿੰਘ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੀ ਅਥਾਹ ਸ਼ਕਤੀ ਨੂੰ ਖੇਡਾਂ ਵਾਲੇ ਪਾਸੇ ਲਗਾ ਕੇ ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂ ਨੂੰ ਹਾਸਿਲ ਕਰਨ। ਉਨ੍ਹਾਂ ਅੱਗੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਬੱਚਿਆਂ ਖਾਸ ਕਰਕੇ ਨੌਜਵਾਨਾਂ ਨੂੰ ਖੇਡ ਸਭਿਆਚਾਰ ਵੱਲ ਪ੍ਰੇਰਿਤ ਕੀਤਾ ਜਾਵੇ।  ਖਿਡਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਆਪਣੀ-ਆਪਣੀ ਖੇਡ ਵਿੱਚ ਸ਼ਖਤ ਮਿਹਨਤ ਕਰਨੀ ਚਾਹੀਦੀ ਹੈ ਤਾਂ ਜੋ ਉਹ ਕੌਮੀ ਅਤੇ ਅੰਤਰ ਰਾਸ਼ਟਰੀ ਪੱਧਰ ’ਤੇ ਕਾਮਯਾਬੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੋਹ ਕੇ ਸੂਬੇ ਅਤੇ ਦੇਸ਼ ਲਈ ਮਾਣ ਹਾਸਿਲ ਕਰ ਸਕਣ।

ਯੂਥ ਫੁੱਟਬਾਲ ਕਲੱਬ ਰੁੜਕਾ ਕਲਾਂ ਵਲੋਂ ਉਭਰਦੇ ਖਿਡਾਰੀਆਂ ਵਿੱਚ ਖੇਡਾਂ ਪ੍ਰਤੀ ਲਗਨ ਅਤੇ ਉਤਸ਼ਾਹ ਪੈਦਾ ਕਰਨ ਲਈ ਕੀਤੇ ਜਾ ਰਹੇ ਵੱਡਮੁੱਲੇ ਯਤਨਾਂ ਦੀ ਸ਼ਲਾਘਾ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਯੂਥ ਫੁੱਟਬਾਲ ਕਲੱਬ ਵਲੋਂ ਖੇਡਾਂ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸ਼ਲਾਘਾਯੋਗ ਹਨ।

ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਅਜਿਹੀ ਸੱਚੀ ਭਾਵਨਾ ਪ੍ਰਗਤੀਸ਼ੀਲ ਤੇ ਭਾਈਚਾਰਕ ਸਾਂਝ ਵਾਲੇ ਸਮਾਜ ਸਿਰਜਣਾ ਲਈ ਵੀ ਹੋਣੀ ਚਾਹੀਦੀ ਹੈ। ਉਨ੍ਹਾਂ ਉਭਰਦੇ ਖਿਡਾਰੀਆਂ ਨੂੰ ਕਿਹਾ ਕਿ ਸਰਵਪੱਖੀ ਸਖਸ਼ੀਅਤ ਵਿਕਾਸ ਦੇ ਲਈ ਖੇਡਾਂ ਦੇ ਨਾਲ-ਨਾਲ ਪੜ੍ਹਾਈ ’ਤੇ ਵੀ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਭਰਦੇ ਖਿਡਾਰੀਆਂ ਵਿੱਚ ਹੋਰ ਖੇਡ ਕਿੱਟਾਂ ਵੰਡੀਆਂ ਜਾਣਗੀਆਂ ਤਾਂ ਜੋ ਉਹ ਸੁਚਾਰੂ ਢੰਗ ਨਾਲ ਆਪਣਾ ਖੇਡ ਅਭਿਆਸ ਕਰ ਸਕਣ।

ਇਸ ਮੌਕੇ ਪਿੰਡ ਜਮਸ਼ੇਰ ਦੇ ਸਰਪੰਚ ਬਿੱਟੂ ਸ਼ਾਹ, ਪਿੰਡ ਖੇੜਾ ਦੇ ਸਰਪੰਚ ਰਾਮ ਕਿਸ਼ਨ, ਕੰਮਾ ਮਾਨ, ਲਹਿੰਬਰ ਸਿੰਘ, ਕੀਮਤੀ ਅਤੇ ਹਰਪ੍ਰੀਤ ਪੀਤਾ ਤੋਂ ਇਲਾਵਾ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here