ਜਲੰਧਰ: ਵਿਧਾਇਕ ਨੇ ਪਿੰਡ ਸਮਰਾਏ ਵਿਖੇ 100 ਖਿਡਾਰੀਆਂ ਨੂੰ ਵੰਡੀਆਂ ਫੁੱਟਬਾਲ ਅਤੇ ਹਾਕੀ ਖੇਡ ਕਿੱਟਾਂ

ਸਮਰਾਏ (ਜਲੰਧਰ ਕੈਂਟ) (ਦ ਸਟੈਲਰ ਨਿਊਜ਼)। ਜ਼ਮੀਨੀ ਪੱਧਰ ‘ਤੇ ਸਿਹਤਮੰਦ ਖੇਡ ਸੱਭਿਆਚਾਰ ਨੂੰ ਵਿਕਸਤ ਕਰਨ ਦੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿਧਾਇਕ ਪਰਗਟ ਸਿੰਘ ਨੇ ਐਤਵਾਰ ਨੂੰ ਪਿੰਡ ਸਮਰਾਏ ਦੇ ਖੇਡ ਮੈਦਾਨ ਵਿਖੇ ਉੱਭਰ ਰਹੇ 100 ਫੁੱਟਬਾਲ ਅਤੇ ਹਾਕੀ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੰਡੀਆਂ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਪਰਗਟ ਸਿੰਘ ਨੇ ਦੱਸਿਆ ਕਿ 2.25 ਲੱਖ ਰੁਪਏ ਦੀ ਕੀਮਤ ਦੀਆਂ 100 ਕਿੱਟਾਂ ਵਿੱਚ ਟਰੈਕ ਸੂਟ, ਫੁੱਟਬਾਲਾਂ, ਬੂਟ ਅਤੇ ਹਾਕੀ ਸਟਿੱਕਸ ਤੋਂ ਇਲਾਵਾ ਹੋਰ ਸਾਮਾਨ ਖੇਡ ਦੇ ਮੈਦਾਨ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਨੌਜਵਾਨ ਖਿਡਾਰੀਆਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤਾਂ ਜੋ ਖੇਤਰ ਵਿਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਇਸ ਟੀਚੇ ਦੀ ਪ੍ਰਾਪਤੀ ਲਈ ਲੋੜੀਂਦੇ ਫੰਡਾਂ ਦੀ ਉਪਲਬਧਤਾ ਨੂੰ ਵੀ ਯਕੀਨੀ ਬਣਾਇਆ ।

ਉੱਭਰ ਰਹੇ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਨੇ ਉਨ੍ਹਾਂ ਨੂੰ ਆਪੋ ਆਪਣੀ ਖੇਡ ਵਿੱਚ ਸਖ਼ਤ ਮਿਹਨਤ ਕਰਨ ਦੀ ਅਪੀਲ ਕੀਤੀ, ਜਿਸ ਨਾਲ ਨਿਸ਼ਚਤ ਤੌਰ ‘ਤੇ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਉਨ੍ਹਾਂ ਦਾ, ਸੂਬੇ ਅਤੇ ਦੇਸ਼ ਦਾ ਨਾਮ ਉੱਚਾ ਹੋਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਹਰ ਸੰਭਵ ਸਹਾਇਤਾ ਅਤੇ ਮਾਰਗ ਦਰਸ਼ਨ ਦਿੱਤਾ ਜਾਵੇਗਾ ਤਾਂ ਜੋ ਉਹ ਭਵਿੱਖ ਵਿੱਚ ਉਪਲੱਬਧੀਆਂ ਹਾਸਲ ਕਰ ਸਕਣ।

ਪਿੰਡ ਸਮਰਾਏ ਵਿਖੇ ਖੇਡ ਪ੍ਰੋਗਰਾਮਾਂ ਨੂੰ ਉਤਸ਼ਾਹਿਤ ਕਰਨ ‘ਤੇ ਤਸੱਲੀ ਪ੍ਰਗਟ ਕਰਦਿਆਂ ਵਿਧਾਇਕ ਨੇ ਕਿਹਾ ਕਿ ਖੇਡ ਮੈਦਾਨ ਵਿੱਚ ਰੋਜ਼ਾਨਾ ਸ਼ਾਮ ਦੇ ਅਭਿਆਸ ਦਾ ਸੱਭਿਆਚਾਰ ਨਾ ਸਿਰਫ ਉਨ੍ਹਾਂ ਦੇ ਖੇਤਰਾਂ ਵਿੱਚ ਲੋੜੀਂਦੀ ਤਬਦੀਲੀ ਨੂੰ ਯਕੀਨੀ ਬਣਾਏਗਾ ਬਲਕਿ ਇਨ੍ਹਾਂ ਖਿਡਾਰੀਆਂ ਦੇ ਆਤਮ-ਵਿਸ਼ਵਾਸ ਨੂੰ ਵੀ ਵਧਾਏਗਾ।

ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਕਲੱਬਾਂ ਅਤੇ ਨੌਜਵਾਨਾਂ ਨੂੰ ਖੇਡ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ । ਉਨ੍ਹਾਂ ਅੱਗੇ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਇਕ ਟੀਮ ਦੀ ਭਾਵਨਾ ਪੈਦਾ ਕਰਨ ਵਿਚ ਮਦਦ ਕਰਦੀਆਂ ਹਨ, ਜੋ ਉਨ੍ਹਾਂ ਦੀ ਸਿਹਤਮੰਦ ਸਮਾਜ ਦੀ ਸਿਰਜਣਾ ਤੋਂ ਇਲਾਵਾ ਆਪਣੇ ਜੀਵਨ ਵਿਚ ਉੱਤਮ ਬਣਨ ਵਿਚ ਵੀ ਸਹਾਇਤਾ ਕਰ ਸਕਦੀਆਂ ਹਨ ।

ਵਿਧਾਇਕ ਨੇ ਨੌਜਵਾਨਾਂ ਨੂੰ ਆਪਣੀ ਊਰਜਾ ਨੂੰ ਖੇਡਾਂ ਵਿੱਚ ਲਗਾਉਣ ਅਤੇ ਆਪਣੇ ਕੈਰੀਅਰ ਵਿਚ ਨਵੀਆਂ ਬੁਲੰਦੀਆਂ ਨੂੰ ਹਾਸਲ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਬੱਚਿਆਂ ਅਤੇ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਚਲਿਤ ਕਰਨਾ ਸਮੇਂ ਦੀ ਲੋੜ ਹੈ । ਉਨ੍ਹਾਂ ਉਭਰ ਰਹੇ ਖਿਡਾਰੀਆਂ ਨੂੰ ਆਪਣੀ ਸ਼ਖਸੀਅਤ ਦੇ ਸਰਵਪੱਖੀ ਵਿਕਾਸ ਲਈ ਖੇਡਾਂ ਦੇ ਨਾਲ-ਨਾਲ ਪੜ੍ਹਾਈ ਵੱਲ ਵੀ ਉਚਿਤ ਧਿਆਨ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਨੌਜਵਾਨ ਖਿਡਾਰੀਆਂ ਵਿੱਚ ਹੋਰ ਖੇਡ ਕਿੱਟਾਂ ਵੰਡੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਨੂੰ ਸੁਚੱਜੇ ਢੰਗ ਨਾਲ ਅਭਿਆਸ ਕਰਨ ਵਿੱਚ ਮਦਦ ਮਿਲ ਸਕੇ।

ਖੇਡਾਂ ਪ੍ਰਤੀ ਆਪਣੀ ਵਚਨਬੱਧਤਾ ਲਈ ਵਿਧਾਇਕ ਪਰਗਟ ਸਿੰਘ ਦਾ ਧੰਨਵਾਦ ਕਰਦਿਆਂ ਪਿੰਡ ਜੰਡਿਆਲਾ ਦੇ ਸਰਪੰਚ ਮੱਖਣ ਪਲਹਣ, ਪੰਡੋਰੀ ਦੇ ਸਰਪੰਚ ਕਮਲ, ਸਮਰਾਏ ਦੇ ਸਰਪੰਚ ਦੀਪਾ ਨੇ ਕਿਹਾ ਕਿ ਜਲੰਧਰ ਕੈਂਟ ਹਲਕੇ ਵਿੱਚ ਪਿਛਲੇ ਕੁੱਝ ਸਾਲਾਂ ਦੌਰਾਨ ਖੇਡ ਬੁਨਿਆਦੀ ਢਾਂਚੇ ਵਿੱਚ ਵੱਡੇ ਪੈਮਾਨੇ ‘ਤੇ ਇਜ਼ਾਫਾ ਹੋਇਆ ਹੈ। ਉਨ੍ਹਾਂ ਕਿਹਾ ਕਿ ਖੇਡ ਕਿੱਟਾਂ ਦੀ ਵੰਡ ਨਾਲ ਨੌਜਵਾਨ ਖਿਡਾਰੀਆਂ ਲਈ ਵਧੀਆ ਅਭਿਆਸ ਵਾਤਾਵਰਣ ਯਕੀਨੀ ਬਣੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਭੁਪਿੰਦਰ ਸਿੰਘ ਸਮਰਾ, ਰਾਜਿੰਦਰ ਸ਼ਰਮਾ, ਪੰਮਾ, ਕਮਲਜੀਤ ਸਿੰਘ, ਮੱਖਣ ਸਿੰਘ ਅਤੇ ਰਿੰਕੂ ਮੌਜੂਦ ਸਨ।

LEAVE A REPLY

Please enter your comment!
Please enter your name here