ਜਲੰਧਰ: ਡਿਪਟੀ ਕਮਿਸ਼ਨਰ ਨੇ 15 ਰੋਜ਼ਾ ਸਮੀਖਿਆ ਮੀਟਿੰਗ ਵਿੱਚ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਜਲੰਧਰ (ਦ ਸਟੈਲਰ ਨਿਊਜ਼)। ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਸੌ ਫੀਸਦੀ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਲਈ ਵਿਭਾਗਾਂ ਅਤੇ ਲੋਕ ਨੁਮਾਇੰਦਿਆਂ ਨੂੰ ਸਾਂਝਾ ਹੰਭਲਾ ਮਾਰਨ ਦੀ ਲੋੜ ਹੈ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਪੰਜਾਬ ਸਰਕਾਰ ਦੀ ਇਸ ਮਹੱਤਵਪੂਰਨ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 15 ਰੋਜ਼ਾ ਸਮੀਖਿਆ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੀਆਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕੀਤਾ।

Advertisements

ਉਨ੍ਹਾਂ ਮੀਟਿੰਗ ਦੌਰਾਨ ਦੱਸਿਆ ਕਿ ਇਸ ਸਕੀਮ ਤਹਿਤ ਜ਼ਿਲ੍ਹੇ ਵਿੱਚ ਲਗਭਗ 70 ਫੀ ਸਦੀ ਯੋਗ ਲਾਭਪਾਤਰੀਆਂ ਨੂੰ ਕਵਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਰਹਿੰਦੇ 30 ਫੀ ਸਦੀ ਲਾਭਪਾਤਰੀਆਂ ਨੂੰ ਰਜਿਸਟਰ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਜੰਗੀ ਪੱਧਰ ‘ਤੇ ਜੁੱਟਿਆ ਹੋਇਆ ਹੈ। ਉਨ੍ਹਾਂ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਕੌਂਸਲਰਾਂ, ਸਰਪੰਚਾਂ ਅਤੇ ਬਲਾਕ ਸਮਿਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਨੂੰ ਇਸ ਅਹਿਮ ਸਕੀਮ ਸਬੰਧੀ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਜਾਗਰੂਕ ਕਰਨ ਦਾ ਸੱਦਾ ਦਿੱਤਾ ਤਾਂ ਜੋ 15 ਮਾਰਚ ਤੱਕ ਜ਼ਿਲ੍ਹੇ ਦੇ ਸੌ ਫੀਸਦੀ ਯੋਗ ਲਾਭਪਾਤਰੀਆਂ ਨੂੰ ਇਸ ਸਕੀਮ ਤਹਿਤ ਕਵਰ ਕਰਨਾ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ, ਕਾਮਨ ਸਰਵਿਸ ਸੈਂਟਰਾਂ (ਸੀਐਸਸੀ) ਅਤੇ ਸੇਵਾ ਕੇਂਦਰਾਂ ਤੋਂ ਇਲਾਵਾ ਹੋਰ ਵੱਖ-ਵੱਖ ਥਾਵਾਂ ‘ਤੇ ਵਿਸ਼ੇਸ਼ ਤੌਰ ‘ਤੇ ਕੈਂਪ ਲਗਾ ਕੇ ਈ-ਹੈਲਥ ਕਾਰਡ ਹਰ ਰੋਜ਼ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 13 ਸਰਕਾਰੀ ਅਤੇ ਕਰੀਬ 60 ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਅਤੇ ਜ਼ਿਲ੍ਹੇ ਵਿੱਚ ਸੂਚੀਬੱਧ ਸਿਹਤ ਸੰਭਾਲ ਸੰਸਥਾਵਾਂ ਦੀ ਸੂਚੀ ਵੈੱਬਸਾਈਟ   www.sha.punjab.gov.in. ’ਤੇ ਵੇਖੀ ਜਾ ਸਕਦੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਨਐਫਐਸਏ ਰਾਸ਼ਨ ਕਾਰਡ ਧਾਰਕ, ਉਸਾਰੀ ਕਿਰਤੀ, ਐਸਈਸੀਸੀ ਲਾਭਪਾਤਰੀ, ਛੋਟੇ ਵਪਾਰੀ, ਪੱਤਰਕਾਰ ਅਤੇ ਜੇ-ਫਾਰਮ ਹੋਲਡਰ ਕਿਸਾਨ ਇਸ ਸਕੀਮ ਅਧੀਨ ਯੋਗ ਹਨ ਅਤੇ ਲਾਭਪਾਤਰੀ ਆਪਣੀ ਯੋਗਤਾ sha.punjab.gov.in ‘ਤੇ ਚੈੱਕ ਕਰ ਸਕਦੇ ਹਨ। ਜਦਕਿ ਸਮੂਹ ਪੀ.ਐੱਮ.ਜੇ.ਏ. ਪਰਿਵਾਰ (ਨੀਲੇ ਕਾਰਡ ਧਾਰਕ ਪਰਿਵਾਰ)  bis.pmjay.gov.in ‘ਤੇ ਆਪਣੀ ਯੋਗਤਾ ਚੈੱਕ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਐਸ.ਡੀ.ਐਮ., ਬੀਡੀਓਜ਼, ਈਓਜ਼ ਨੂੰ ਯੋਗ ਲਾਭਪਾਤਰੀਆਂ ਦੀਆਂ ਸੂਚੀਆਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਥੋਂ ਕੌਂਸਲਰ, ਸਰਪੰਚ, ਪੰਚ ਇਹ ਸੂਚੀਆਂ ਪ੍ਰਾਪਤ ਕਰ ਕੇ ਆਪੋ-ਆਪਣੇ ਵਾਰਡ ਦੇ ਯੋਗ ਲਾਭਪਾਤਰੀਆਂ ਨੂੰ ਇਸ ਸਕੀਮ ਤਹਿਤ ਨਾਮ ਦਰਜ ਕਰਵਾਉਣ ਲਈ ਪ੍ਰੇਰਿਤ ਕਰ ਸਕਦੇ ਹਨ । ਇਸੇ ਤਰ੍ਹਾਂ ਆਸ਼ਾ ਵਰਕਰਾਂ, ਪੰਚਾਇਤ ਸਕੱਤਰਾਂ ਅਤੇ ਗਾਰਡੀਅਨਜ਼ ਆਫ ਗਵਰਨੈਂਸ ਨੂੰ ਵੀ ਇਹ ਸੂਚੀਆਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਨ੍ਹਾਂ ਨਾਲ ਸੰਪਰਕ ਕਰ ਕੇ ਲੋਕ ਆਪਣੀ ਯੋਗਤਾ ਚੈੱਕ ਕਰਵਾ ਸਕਦੇ ਹਨ।

ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਆਪਣੇ ਆਪ ਨੂੰ ਰਜਿਸਟਰਡ ਕਰ ਕੇ ਇਸ ਸਮਾਜਿਕ ਸੁਰੱਖਿਆ ਸਕੀਮ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ । ਉਨ੍ਹਾਂ ਕਿਹਾ ਕਿ ਯੋਜਨਾ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੈਲਪ ਲਾਈਨ ਨੰਬਰ 0181-2224417 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਮੀਟਿੰਗ ਦੌਰਾਨ ਸਮਾਰਟ ਵਿਲੇਜ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਜਿਥੇ ਉਨ੍ਹਾਂ ਬੀ.ਡੀਪੀ.ਓਜ਼ ਨੂੰ ਪਿੰਡਾਂ ਵਿੱਚ ਵਿੱਢੇ ਗਏ ਵਿਕਾਸ ਕਾਰਜ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਉਥੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਨੂੰ ਆਪਣੇ ਅਧੀਨ ਪੈਂਦੀਆਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਵਿੱਚ ਸ਼ੁਰੂ ਕੀਤੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਨੇਪਰੇ ਚਾੜ੍ਹਨ ਲਈ ਕਿਹਾ।

ਇਸ ਮੌਕੇ ਉਨ੍ਹਾਂ ਕੋਵਿਡ ਟੀਕਾਕਰਨ ਦਾ ਜਾਇਜ਼ਾ ਵੀ ਲਿਆ ਅਤੇ ਪੁਲਿਸ ਪ੍ਰਸ਼ਾਸਨ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸਕੂਲਾਂ ਵਿੱਚ ਕੋਵਿਡ-19 ਸਬੰਧੀ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹਿੱਤ ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਨੂੰ ਕਿਹਾ ਕਿ ਸਕੂਲਾਂ ਵਿੱਚ ਸਮਾਜਿਕ ਦੂਰੀ, ਮਾਸਕ ਪਹਿਨਣ ਸਮੇਤ ਹੋਰ ਕੋਵਿਡ-19 ਪ੍ਰੋਟੋਕਾਲਜ਼ ਦੀ ਸਖਤੀ ਨਾਲ ਪਾਲਣਾ ਕਰਵਾਈ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਐਸ.ਡੀ.ਐਮ. ਨਕੋਦਰ ਗੌਤਮ ਜੈਨ, ਐਸ.ਡੀ.ਐਮ.-1 ਰਾਹੁਲ ਸਿੰਧੂ, ਐਸ.ਡੀ.ਐਮ. ਫਿਲੌਰ ਡਾ. ਵਿਨੀਤ ਕੁਮਾਰ, ਐਸ.ਡੀ.ਐਮ. ਸ਼ਾਹਕੋਟ ਸੰਜੀਵ ਸ਼ਰਮਾ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਦਰਬਾਰਾ ਸਿੰਘ, ਜੁਆਇੰਟ ਕਮਿਸ਼ਨਰ ਨਗਰ ਨਿਗਮ ਅਮਿਤ ਸਰੀਨ ਅਤੇ ਸਿਵਲ ਸਰਜਨ ਡਾ. ਬਲਵੰਤ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here