ਜਲੰਧਰ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਵਿਚਾਰ ਸਮਾਗਮ ਕਰਵਾਇਆ

ਜਲੰਧਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਗੌਰਮਿੰਟ ਕਾਲਜ ਆਫ ਐਜੂਕੇਸ਼ਨ, ਜਲੰਧਰ ਵਿਖੇ ਸ਼ਬਦ ਵਿਚਾਰ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਕਾਲਜ ਦੀ ਬੀ.ਐੱਡ. ਸਮੈਸਟਰ ਤੀਜਾ ਦੀ ਵਿਦਿਆਰਥਣ ਸ਼ੁਭਦੀਪ ਕੌਰ ਨੇ ਪ੍ਰੋ. ਗੁਰਵਿੰਦਰ ਕੌਰ ਦੀ ਅਗਵਾਈ ਵਿੱਚ ਹਿੱਸਾ ਲਿਆ।

Advertisements

ਸ਼ਬਦ ਵਿਚਾਰ ਵਿੱਚ ਹਿੱਸਾ ਲੈਂਦਿਆਂ ਵਿਦਿਆਰਥਣ ਸ਼ੁਭਦੀਪ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਉਚਾਰੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ਼ਬਦ ਦੀ ਵਿਆਖਿਆ ਕੀਤੀ। ਇਸ ਮੌਕੇ ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਮਨਜੀਤ ਕੌਰ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਫ਼ਲਸਫੇ ਨੂੰ ਸਮਝਣ ਵਿੱਚ ਸਹਾਈ ਹੋਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਮਨੁੱਖ ਦੇ ਸਰਵਪੱਖੀ ਵਿਕਾਸ ਵਿੱਚ ਸਹਾਈ ਹੁੰਦੀਆਂ ਹਨ ਅਤੇ ਉਨ੍ਹਾਂ ਨੂੰ ਆਪਣੇ ਵਿਰਸੇ ਨਾਲ ਜੋੜਦੀਆਂ ਹਨ । ਇਸ ਮੌਕੇ ਕਾਲਜ ਦੇ ਪ੍ਰੋਫੈਸਰ ਅਤੇ ਹੋਰ ਸਟਾਫ਼ ਵੀ ਮੌਜੂਦ ਸੀ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਰ ਧਾਰਮਿਕ ਸਰਗਰਮੀਆਂ ਤੋਂ ਇਲਾਵਾ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਗੁਰੂ ਸਾਹਿਬ ਦੇ ਜੀਵਨ, ਬਾਣੀ, ਸਿੱਖਿਆਵਾਂ ਅਤੇ ਸ਼ਹਾਦਤ ’ਤੇ ਅਧਾਰਤ ਮੁਕਾਬਲੇ ਸ਼ਾਮਲ ਹਨ। ਇਨ੍ਹਾਂ ਮੁਕਾਬਲਿਆਂ ਵਿੱਚ ਜਿਥੇ ਵਿਦਿਆਰਥੀਆਂ ਵੱਲੋਂ ਵਧ-ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ ਉਥੇ ਅਧਿਆਪਕਾਂ ਤੇ ਬੱਚਿਆਂ ਦੇ ਮਾਪਿਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

LEAVE A REPLY

Please enter your comment!
Please enter your name here