
ਫ਼ਿਰੋਜ਼ਪੁਰ(ਦ ਸਟੈਲ ਨਿਊਜ਼)। ਇੰਚਾਰਜ਼ ਤੇ ਜ਼ਿਲ੍ਹਾ ਸੈਸ਼ਨ ਜੱਜ ਸਚਿਨ ਸ਼ਰਮਾ ਨੇ ਜੁਡੀਸ਼ੀਅਲ ਕੋਰਟ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਇੱਕ ਅਹਿਮ ਮੀਟਿੰਗ ਕੀਤੀ। ਜਿਸ ਵਿੱਚ ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਦੀਆ ਸਮੂਹ ਅਦਾਲਤਾਂ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 10 ਅਪ੍ਰੈਲ 2021 ਨੂੰ ਪਹਿਲੀ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਰਾਜਦੀਪ ਕੌਰ ਅਤੇ ਸੀ.ਜੇ.ਐੱਮ ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਨਪ੍ਰੀਤ ਸਿੰਘ ਵੀ ਹਾਜ਼ਰ ਸਨ।

ਸਚਿਨ ਸ਼ਰਮਾ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਪੁਲਿਸ ਵਿਭਾਗ, ਇੰਸੋਰੈਂਸ ਕੰਪਨੀਆਂ ਤੇ ਬੈਂਕਾਂ ਸਮੇਤ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਦੇ ਅਧੀਨ ਉਨ੍ਹਾਂ ਦੇ ਵਿਭਾਗ ਨਾਲ ਸਬੰਧਿਤ ਜੋ ਵੀ ਕੇਸ ਹਨ ਉਹ ਵੀ ਇੱਥੇ ਨਿਪਟਾਏ ਜਾ ਸਕਦੇ ਹਨ, ਇਸ ਲਈ ਉਹ ਵੱਧ ਤੋਂ ਵੱਧ ਕੇਸਾਂ ਨੂੰ ਇੱਥੇ ਲਿਆ ਕੇ ਨਿਪਟਾਉਣ। ਉਨ੍ਹਾਂ ਸਮੂਹ ਮੈਂਬਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਸਰਕਾਰਾਂ ਦੁਆਰਾ ਦਿੱਤੀਆਂ ਜਾਂਦੀਆਂ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ, ਝਗੜਾ ਨਿਵਾਰਨ ਫੋਰਮ ਆਦਿ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ।
ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਸੰਗੀਨ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਰਾਜ਼ੀਨਾਮਾ ਅਤੇ ਹਰ ਕਿਸਮ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਇਸ ਲੋਕ ਅਦਾਲਤ ਵਿੱਚ ਉਨ੍ਹਾਂ ਕੇਸਾਂ ਦੀ ਸੁਣਵਾਈ ਹੋਵੇਗੀ ਜੋ ਹਾਲੇ ਤੱਕ ਅਦਾਲਤਾਂ ਵਿਚ ਦਰਜ ਨਹੀਂ ਹੋਏ। ਅਜਿਹੇ ਕੇਸ ਪ੍ਰੀ ਲਿਟੀਗੇਟਿਵ ਸਟੇਜ ਉੱਤੇ ਹੀ ਰਾਜ਼ੀਨਾਮੇ ਨਾਲ ਨਿਪਟਾਏ ਜਾ ਸਕਦੇ ਹਨ। ਇਸ ਲੋਕ ਅਦਾਲਤ ਵਿੱਚ ਫ਼ੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ ਅਤੇ ਲੋਕ ਅਦਾਲਤ ਵਿੱਚ ਹੋਏ ਫ਼ੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ।
ਉਨ੍ਹਾਂ ਦੱਸਿਆ ਕਿ ਇਹ ਫ਼ੈਸਲੇ ਤਸੱਲੀਬਖ਼ਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁਕੱਦਮੇ ਬਾਜ਼ੀ ਤੋਂ ਇਲਾਵਾ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਮੁਕਤੀ ਮਿਲਦੀ ਹੈ ਅਤੇ ਉਨ੍ਹਾਂ ਦਾ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਕੋਰਟਾਂ ਵਿਚ ਚੱਲ ਰਹੇ ਕੇਸਾਂ ਦਾ ਜਲਦੀ ਨਿਪਟਾਰਾ ਕਰਨ ਲਈ ਅਤੇ ਲੋਕਾਂ ਨੂੰ ਜਲਦੀ ਇਨਸਾਫ਼ ਦੇਣ ਲਈ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਮੌਕੇ ਲੀਡ ਬੈਂਕ ਮੈਨੇਜਰ ਆਰ. ਕੇ ਗੁਪਤਾ ਤੇ ਹੀਰਾ ਸਿੰਘ ਸਮੇਤ ਪੁਲਿਸ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ












